ਅਹਿਮਦਗੜ੍ਹ, 13 ਫਰਵਰੀ (ਸੁਖਜੀਤ ਸਿੰਘ ਖੇੜਾ) - ਥਾਣਾ ਜੋਧਾਂ ਅਧੀਨ ਪੈਂਦੀ ਪੁਲਿਸ ਚੌਂਕੀ ਛਪਾਰ ਵਿਖੇ ਏ.ਐਸ.ਆਈ. ਸਰਦਾਰ ਜਸਪਾਲ ਸਿੰਘ ਨੇ ਬਤੌਰ ਚੌਂਕੀ ਇੰਚਾਰਜ ਆਪਣਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਸਟਾਫ਼ ਨਾਲ ਮੀਟਿੰਗ ਕਰਕੇ ਇਲਾਕੇ ਦੀ ਕਾਨੂੰਨ-ਵਿਵਸਥਾ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਏ.ਐਸ.ਆਈ. ਸਰਦਾਰ ਜਸਪਾਲ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਆਮ ਜਨਤਾ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਨੇ ਸਪਸ਼ਟ ਕੀਤਾ ਕਿ ਨਸ਼ਾ ਤਸਕਰੀ, ਗੁੰਡਾਗਰਦੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਮਾੜੇ ਅਨਸਰਾਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਸ਼ਾਂਤੀ ਭੰਗ ਕਰਨ ਵਾਲੇ ਤੱਤਾਂ ਲਈ ਕੋਈ ਰਿਆਇਤ ਨਹੀਂ ਹੋਵੇਗੀ ਅਤੇ ਕਾਨੂੰਨ ਨੂੰ ਹੱਥ ਵਿਚ ਲੈਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ | ਨਾਲ ਹੀ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ | ਇਲਾਕੇ ਦੇ ਵਸਨੀਕਾਂ ਨੇ ਵੀ ਨਵੇਂ ਇੰਚਾਰਜ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਛਪਾਰ ਇਲਾਕੇ ਵਿਚ ਅਮਨ-ਚੈਨ ਅਤੇ ਕਾਨੂੰਨੀ ਪ੍ਰਬੰਧ ਹੋਰ ਮਜ਼ਬੂਤ ਹੋਵੇਗਾ | ਇਸ ਮੌਕੇ ਅਮਨਪ੍ਰੀਤ ਸਿੰਘ ਮੁੱਖ ਮੁਨਸ਼ੀ, ਸੁਮੀਤ ਸਿੰਘ, ਮਨਿੰਦਰਜੀਤ ਸਿੰਘ ਅਤੇ ਸੋਨੂੰ ਮਲਹੋਤਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |