ਅਮਰਗੜ੍ਹ, 13 ਫਰਵਰੀ (ਜਤਿੰਦਰ ਮੰਨਵੀਂ) - ਆਪ ਸਰਕਾਰ ਵਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਸਬ-ਡਵੀਜ਼ਨ ਅਮਰਗੜ੍ਹ ਵਿਖੇ ਮਿਸ਼ਨ ਸੰਪਰਕ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੀਟਿੰਗ ਦੀ ਪ੍ਰਧਾਨਗੀ ਆਈ.ਜੀ.ਪੀ. ਬਲਜੋਤ ਸਿੰਘ ਰਾਠੌਰ ਨੇ ਕੀਤੀ, ਜਿੱਥੇ ਇਲਾਕੇ ਦੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ, ਪੰਚਾਂ ਅਤੇ ਸਰਪੰਚਾਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਈ.ਜੀ.ਪੀ. ਬਲਜੋਤ ਸਿੰਘ ਰਾਠੌਰ ਨੇ ਕਿਹਾ ਕਿ ਨਸ਼ਾ ਇੱਕ ਅਜਿਹੀ ਸਮਾਜਿਕ ਬੁਰਾਈ ਹੈ ਜਿਸ ਨੂੰ ਸਿਰਫ਼ ਕਾਨੂੰਨ ਦੇ ਡੰਡੇ ਨਾਲ ਖ਼ਤਮ ਨਹੀਂ ਕੀਤਾ ਜਾ ਸਕਦਾ | ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਪੁਲਿਸ ਦਿਨ-ਰਾਤ ਕੰਮ ਕਰ ਰਹੀ ਹੈ, ਪਰ ਸਮਾਜਿਕ ਪੱਧਰ ਤੇ ਇਸ ਨੰੂ ਜੜ੍ਹੋਂ ਪੁੱਟਣ ਖ਼ਾਤਰ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਐਸ.ਪੀ. ਗੁਰਸ਼ਰਨਜੀਤ ਸਿੰਘ ਨੇ ਸਪਸ਼ਟ ਕੀਤਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਪਰ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਮਰੀਜ਼ ਵਜੋਂ ਦੇਖਿਆ ਜਾਣਾ ਚਾਹੀਦਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਕਰਨ ਵਾਲੇ ਨੌਜਵਾਨਾਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਮੁੜ-ਵਸੇਬਾ ਕੇਂਦਰਾਂ ਰਾਹੀਂ ਮੁੱਖ ਧਾਰਾ ਵਿਚ ਲਿਆਉਣ ਲਈ ਸਹਿਯੋਗ ਦਿੱਤਾ ਜਾਵੇ ਤੇ ਪਿੰਡਾਂ ਵਿਚ ਹੋਣ ਵਾਲੀ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਮੀਟਿੰਗ ਦੌਰਾਨ ਸਰਪੰਚ ਐਸੋਸੀਏਸ਼ਨ ਤੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਸਮੇਤ ਪਿੰਡਾਂ ਦੇ ਨੁਮਾਇੰਦਿਆਂ ਨੇ ਪੁਲਿਸ ਅਧਿਕਾਰੀਆਂ ਨਾਲ ਆਪਣੀਆਂ ਮੁਸ਼ਕਲਾਂ ਅਤੇ ਪਿੰਡਾਂ ਵਿਚ ਨਸ਼ੇ ਦੀ ਸਥਿਤੀ ਬਾਰੇ ਖੁੱਲ੍ਹ ਕੇ ਚਰਚਾ ਕੀਤੀ | ਲੋਕਾਂ ਨੇ ਪੁਲਿਸ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਿੰਡਾਂ ਨੂੰ ਨਸ਼ਾ-ਮੁਕਤ ਬਣਾਉਣ ਲਈ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ | ਮੀਟਿੰਗ ਦੇ ਅਖੀਰ 'ਚ ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਮਰਗੜ੍ਹ ਪੁਲਿਸ ਹਮੇਸ਼ਾ ਜਨਤਾ ਦੀ ਸੇਵਾ ਲਈ ਹਾਜ਼ਰ ਹੈ | ਉਨ੍ਹਾਂ ਅਪੀਲ ਕੀਤੀ ਕਿ ਹਰ ਨਾਗਰਿਕ ਇਸ ਮੁਹਿੰਮ ਦਾ ਹਿੱਸਾ ਬਣ ਕੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਵਿਚ ਆਪਣਾ ਕੀਮਤੀ ਯੋਗਦਾਨ ਪਾਵੇ |