ਦਿੜ੍ਹਬਾ ਮੰਡੀ, 15 ਫਰਵਰੀ (ਹਰਬੰਸ ਸਿੰਘ ਛਾਜਲੀ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਅਰਵਿੰਦ ਕੇਜਰੀਵਾਲ ਦੇ ਸੱਚੇ ਸਿਪਾਹੀ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ਵਾਸਪਾਤਰ ਹਨ, ਜਿਸ ਕਰ ਕੇ ਭਾਰਤੀ ਜਨਤਾ ਪਾਰਟੀ ਆਮ ਆਦਮੀ ਦੇ ਵਿਧਾਇਕਾਂ ਨੂੰ ਖ਼ਰੀਦ ਨਹੀਂ ਸਕਦੀ | ਭਾਜਪਾ ਦੇਸ਼ ਦੇ ਕਈ ਸੂਬਿਆਂ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਵਿਧਾਇਕਾਂ ਨੂੰ ਲਾਲਚ ਦੇ ਕੇ ਕਥਿਤ ਤੌਰ 'ਤੇ ਖ਼ਰੀਦ ਲਿਆ, ਜਿਸ ਕਰ ਕੇ ਭਾਜਪਾ ਆਪਣੀਆਂ ਹਰਕਤਾਂ ਤੋਂ ਮਜਬੂਰ ਹੈ | ਅਜਿਹੀਆਂ ਕਾਰਵਾਈਆਂ ਦੇਸ਼ ਹਿਤ 'ਚ ਨਹੀਂ ਹਨ | ਜਿਸ ਕਰ ਕੇ ਦੇਸ਼ ਵਾਸੀ ਭਾਜਪਾ ਦੀਆਂ ਨੀਤੀਆਂ ਤੋਂ ਸੁਚੇਤ ਰਹਿਣ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਹਲਕੇ ਦੇ ਪਿੰਡਾਂ 'ਚ ਸ਼ਿਵਰਾਤਰੀ ਦੇ ਸ਼ੁੱਭ ਅਵਸਰ ਤੇ ਹਾਜ਼ਰੀ ਭਰਨ ਆਏ ਸਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਬਚਨਬੱਧ ਹੈ, ਜਿਸ ਤਹਿਤ ਹੀ ਸੂਬੇ ਦੇ ਲੋਕਾਂ ਨੂੰ 10 ਲੱਖ ਰੁਪਏ ਦੇ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਦਾ ਲਾਭ ਪੰਜਾਬ ਦੇ ਲੋਕ ਲੈ ਰਹੇ ਹਨ | ਸ. ਚੀਮਾ ਨੇ ਕਿਹਾ ਕਿ 60 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ | ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ | ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਨੇ ਵੱਡੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਜਿਸ ਦੇ ਨਤੀਜੇ ਵੀ ਚੰਗੇ ਸਾਹਮਣੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਖ਼ਜ਼ਾਨੇ 'ਚ ਰਾਸ਼ੀ ਦੀ ਕੋਈ ਕਮੀ ਨਹੀਂ ਹੈ | ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ, ਜਿਸ ਕਰ ਕੇ ਸਮੁੱਚੇ ਪੰਜਾਬ ਵਿਚ ਵਿਕਾਸ ਕਾਰਜ ਵੱਡੇ ਪੱਧਰ ਤੇ ਚੱਲ ਰਹੇ ਹਨ | ਸ. ਚੀਮਾ ਨੇ ਕਿਹਾ ਕਿ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਹੈ, ਜਿਸ ਨੂੰ ਲੋਕਾਂ ਵਿਚ ਲੈ ਕੇ ਜਾਣ | ਜਿਸ ਕਰ ਕੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ |