ਮਲੇਰਕੋਟਲਾ, 17 ਫਰਵਰੀ (ਸਰੌਦ, ਜੈਨ, ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ / ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 17 ਫਰਵਰੀ ਤੋਂ 4 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਜ਼ਿਲ੍ਹਾ ਮਲੇਰਕੋਟਲਾ ਦੇ 98 ਸਕੂਲਾਂ ਵਿਖੇ ਬੋਰਡ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ | ਪ੍ਰੀਖਿਆਵਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵਲੋਂ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 200 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਤੇ ਡਿਊਟੀ ਸਟਾਫ਼ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਆਮ ਪਬਲਿਕ ਨੂੰ ਸਥਾਪਿਤ ਹੋਏ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰਾਂ ਦਾ ਹਥਿਆਰ, ਸੋਟੀ, ਲਾਠੀ ਤੇ ਅਸਲਾ ਚੁੱਕਣ 'ਤੇ ਵੀ ਪੂਰਨ ਮਨਾਹੀ ਹੋਵੇਗੀ |