28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਅੱਜ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਜਾਣ ਵਾਲਾ ਘਿਰਾਓ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਮਗਰੋਂ ਕੀਤਾ ਮੁਲਤਵੀ

ਅਜੀਤ ਡੈਸਕ 18-02-2026
ਸੰਗਰੂਰ, 17 ਫਰਵਰੀ (ਧੀਰਜ ਪਸ਼ੌਰੀਆ, ਅਮਨਦੀਪ ਸਿੰਘ ਬਿੱਟਾ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਸੰਗਰੂਰ ਪੁਲਿਸ ਪ੍ਰਸ਼ਾਸਨ ਵਲੋਂ ਪੁਰਾਣੇ ਕੇਸਾਂ ਅਤੇ ਬੀੜ ਐਸਵਨ ਮਾਮਲੇ 'ਤੇ ਪਾਏ ਕੇਸਾਂ ਵਿਚ ਕੀਤੀ ਗਿ੍ਫ਼ਤਾਰੀ ਖ਼ਿਲਾਫ਼ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ 18 ਫਰਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਜਾਣ ਵਾਲਾ ਘਿਰਾਓ ਪਿਛਲੇ ਕਈ ਦਿਨਾਂ ਤੋਂ ਪੁਲਿਸ ਪ੍ਰਸ਼ਾਸਨ ਨਾਲ ਚੱਲ ਰਹੀ ਗੱਲਬਾਤ ਤੋਂ ਬਾਅਦ ਹੋਈ ਮੀਟਿੰਗ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਪਿਛਲੇ ਕੇਸਾਂ ਦੀ ਰਹਿੰਦੀ ਕਾਰਵਾਈ ਦਾ ਜਲਦੀ ਨਿਬੇੜਾ ਕਰਨ ਅਤੇ ਆਗੂ ਦੀ ਰਿਹਾਈ ਲਈ ਰਹਿੰਦੀ ਕਾਨੂੰਨੀ ਚਾਰਾਜੋਈ ਨੂੰ ਜਲਦੀ ਪੂਰੀ ਕਰਕੇ ਮੁਕੇਸ਼ ਮਲੌਦ ਦੀ ਰਿਹਾਈ ਕਰਵਾਉਣ ਦੇ ਦਿੱਤੇ ਭਰੋਸੇ ਤੋਂ ਬਾਅਦ ਕੱਲ੍ਹ ਵਾਲਾ ਰੋਸ ਪ੍ਰਦਰਸ਼ਨ ਨਾ ਕਰਨ ਦਾ ਫੈਸਲਾ ਕੀਤਾ ਗਿਆ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਪਿਛਲੀ 30 ਦਸੰਬਰ ਤੋਂ ਦਲਿਤ ਆਗੂ ਮੁਕੇਸ਼ ਮਲੌਦ ਨੂੰ ਸੰਗਰੂਰ ਪੁਲਿਸ ਵਲੋਂ ਝੂਠੇ ਕੇਸਾਂ ਤਹਿਤ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ , ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਮਜ਼ਦੂਰਾਂ ਨਾਲ ਮੀਟਿੰਗ ਰੱਖ ਕੇ ਮੀਟਿੰਗ ਕਰਨ ਤੋਂ ਭੱਜ ਰਿਹਾ ਹੈ | ਇਸ ਖ਼ਿਲਾਫ਼ 18 ਫਰਵਰੀ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀਆਂ ਵਲੋਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਅੱਜ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜਿਸ ਵਿਚ ਬੜੇ ਵਿਸਥਾਰ ਵਿਚ ਚਰਚਾ ਕਰਦਿਆਂ ਮਜ਼ਦੂਰ ਆਗੂ ਉੱਪਰ ਪਾਏ ਝੂਠੇ ਪਰਚਿਆਂ ਦਾ ਨਿਬੇੜਾ ਕਰਨ ਲਈ ਰਹਿੰਦੀ ਕਾਨੂੰਨੀ ਚਾਰਾਜੋਈ ਜਲਦੀ ਹੀ ਪੂਰੀ ਕਰਨ ਦਾ ਭਰੋਸਾ ਦਿੱਤਾ | ਜਿਸ ਤੋਂ ਬਾਅਦ ਕੱਲ੍ਹ ਵਾਲਾ ਧਰਨਾ ਮੁਲਤਵੀ ਕੀਤਾ ਗਿਆ | ਅੱਜ ਦੀ ਮੀਟਿੰਗ ਵਿਚ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਬੱਟੜਿਆਣਾ, ਰਾਮਚੰਦ ਝਨੇੜੀ ਹਾਜ਼ਰ ਸਨ | ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਆਪਣੇ ਕੀਤੇ ਵਾਅਦੇ ਤੋਂ ਮੁੱਕਰਦਾ ਹੈ ਅਤੇ ਸਰਕਾਰ ਮਜ਼ਦੂਰਾਂ ਦੀਆਂ ਜ਼ਮੀਨੀ ਮੰਗਾਂ ਹੱਲ ਕਰਨ ਤੋਂ ਭੱਜਦੀ ਹੈ ਤਾਂ ਆਉਣ ਵਾਲੇ ਦਿਨਾਂ ਵਿਚ ਭਰਾਤਰੀ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਹੋਈ ਅਗਲੀ ਖ਼ਬਰ ਵਾਈ.ਐਸ. ਸਕੂਲ ਬਰਨਾਲਾ ਨੂੰ 38ਵੀਂ ਵਾਰ ਏ.ਟੀ.ਐਲ. ਸਕੂਲ ਵਜੋਂ ਚੁਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।