28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਹੋਈ

ਅਜੀਤ ਡੈਸਕ 18-02-2026
ਸੰਗਰੂਰ, 17 ਫਰਵਰੀ (ਧੀਰਜ ਪਸ਼ੌਰੀਆ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂਬੱਧ ਢੰਗ ਨਾਲ ਕਰਨ ਲਈ ਬਣਾਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਇਕਾਈ ਵਲੋਂ ਅੱਜ ਸੰਗਰੂਰ ਦੇ ਵਪਾਰੀਆਂ ਨਾਲ ਕਿਲ੍ਹਾ ਮਾਰਕੀਟ ਵਿਖੇ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਕੀਤੀ ਗਈ | ਇਸ ਮੌਕੇ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਰੱਖੀਆਂ | ਇਸ ਮੌਕੇ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਏ.ਡੀ.ਸੀ. ਅੰਕੁਰ ਮਹਿੰਦਰੂ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਵੀ ਮੌਜੂਦ ਸਨ | ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖ਼ੁਦ ਵਪਾਰੀਆਂ ਤੱਕ ਪੁੱਜ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਵਪਾਰੀਆਂ ਲਈ ਜ਼ਿਲ੍ਹਾ ਪੱਧਰ ਤੋਂ ਵੀ ਹੇਠਾਂ ਵਿਧਾਨ ਸਭਾ ਹਲਕੇ ਤੱਕ ਸੁਣਵਾਈ ਲਈ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਗਿਆ ਹੈ ਕਿ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰ ਵਪਾਰੀ ਵਰਗ ਨਾਲ ਹੀ ਸਬੰਧ ਰੱਖਦੇ ਹੋਣ | ਉਨ੍ਹਾਂ ਕਿਹਾ ਕਿ ਅੱਜ ਜੋ ਵਪਾਰੀਆਂ ਵਲੋਂ ਸਮੱਸਿਆਵਾਂ ਰੱਖੀਆਂ ਗਈਆਂ ਹਨ, ਉਨ੍ਹਾਂ ਵਿਚੋਂ ਕੁਝ ਦਾ ਨਿਪਟਾਰਾ ਮੌਕੇ 'ਤੇ ਕੀਤਾ ਗਿਆ ਹੈ ਜਦਕਿ ਕੁਝ ਸਮੱਸਿਆਵਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਮਾਮਲੇ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਨੂੰ ਲਿਖਤੀ ਰੂਪ ਵਿਚ ਦਰਜ ਕਰਵਾਉਣ | ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨ ਜਸਵਿੰਦਰ ਸਿੰਘ ਪਿ੍ੰਸ, ਆੜ੍ਹਤੀ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸ਼ਿਸ਼ਨ ਕੁਮਾਰ ਤੁੰਗਾ ਅਤੇ ਕਰਿਆਣਾ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੋਇਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਰੱਖੀਆਂ | ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਲਈ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਉਹ ਹਰੇਕ ਬੁੱਧਵਾਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਚ ਵਪਾਰੀਆਂ ਦੀ ਸਮੱਸਿਆਵਾਂ ਨੂੰ ਸੁਣਨਗੇ | ਇਸ ਤੋਂ ਇਲਾਵਾ ਵਪਾਰੀ ਕਿਸੇ ਵੀ ਸਮੇਂ ਟਰੇਡਸ ਕਮਿਸ਼ਨ ਦੇ ਕਿਸੇ ਵੀ ਮੈਂਬਰ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ | ਏ.ਈ.ਟੀ.ਸੀ. ਰੋਹਿਤ ਕੁਮਾਰ ਨੇ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਅਤੇ ਵਪਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਜ਼ਿਲ੍ਹਾ ਚੇਅਰਮੈਨ ਅਰੁਣ ਜਿੰਦਲ, ਹਲਕਾ ਚੇਅਰਮੈਨ ਸੁਖਜਿੰਦਰ ਮਾਨ, ਹਲਕਾ ਲਹਿਰਾ ਚੇਅਰਮੈਨ ਪਿ੍ੰਸ ਗਰਗ, ਹਲਕਾ ਧੂਰੀ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਹਲਕਾ ਸੁਨਾਮ ਚੇਅਰਮੈਨ ਰਾਮ ਕੁਮਾਰ, ਹਲਕਾ ਦਿੜ੍ਹਬਾ ਚੇਅਰਮੈਨ ਅਜੇ ਬਾਂਸਲ, ਜੀ.ਐਮ. ਡੀ.ਆਈ.ਸੀ. ਰਾਕੇਸ਼ ਕੁਮਾਰ, ਸੁਖਵਿੰਦਰ ਸਿੰਘ ਸੁੱਖਾ, ਧਰਮਿੰਦਰ ਤਿਵਾੜੀ, ਪ੍ਰਦੀਪ ਕੁਮਾਰ ਭਵਾਨੀਗੜ੍ਹ, ਰਾਵਿੰਦਰਪਾਲ ਨੋਨੀ, ਬਲਜੀਤ ਕਾਂਜਲਾ ਵਰਨ ਵੰਡ ਟੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀ ਪ੍ਰਤੀਨਿਧੀ ਮੌਜੂਦ ਸਨ |

ਪਿਛਲੀ ਖ਼ਬਰ ਚਿੱਪ ਵਾਲੇ ਮੀਟਰਾਂ ਦੇ ਬਹਾਨੇ ਡੀ ਕੋਡ ਪਾਉਣ ਦੇ ਵਿਰੋਧ 'ਚ ਕਿਸਾਨਾਂ ਵਲੋਂ ਮੋਰਚਾ ਲਾਉਣ ਦਾ ਫੈਸਲਾ <br/> ਅਗਲੀ ਖ਼ਬਰ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਜਾਣ ਵਾਲਾ ਘਿਰਾਓ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਮਗਰੋਂ ਕੀਤਾ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।