ਸੰਗਰੂਰ, 17 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਕੰਮ ਕਾਜ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿੱਚ ਨਵੇਂ ਬਣੇ ਰਹੇ 16 ਆਮ ਆਦਮੀ ਕਲੀਨਿਕਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ | ਮੀਟਿੰਗ ਦੌਰਾਨ ਸ੍ਰੀ ਚਾਬਾ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਰੂਰੀ ਹੈ ਕਿ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ | ਉਨ੍ਹਾਂ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਬਣ ਰਹੇ 16 ਆਮ ਆਦਮੀ ਕਲੀਨਿਕਾਂ ਵਿਚੋਂ 8 ਸ਼ਹਿਰੀ ਖੇਤਰ ਵਿੱਚ ਅਤੇ 8 ਪੇਂਡੂ ਖੇਤਰ ਵਿੱਚ ਬਣਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿੰਡ ਦੀਦਾਰਗੜ੍ਹ, ਨਵਾਂ ਗਾਓ, ਉੱਪਲੀ, ਦੁਗਨੀ, ਖੇੜੀ ਜੱਟਾਂ, ਰਜਿੰਦਰਾ ਪੁਰੀ, ਬਾਮਲ ਅਤੇ ਧੂਰਾ ਵਿਖੇ ਆਮ ਆਦਮੀ ਕਲੀਨਿਕ ਬਣ ਰਹੇ ਹਨ, ਇਸੇ ਤਰ੍ਹਾਂ ਸ਼ਹਿਰੀ ਖੇਤਰ ਵਿੱਚ ਬਾਬਾ ਮਸਤ ਰਾਮ ਜੀ ਸਮਾਧ ਲਹਿਰਾ, ਡੀਈਓ ਪ੍ਰਾਇਮਰੀ ਦਫ਼ਤਰ ਸੰਗਰੂਰ, ਵਾਰਡ ਨੰਬਰ 4 ਝਾੜ ਵਾਲਾ ਪੁਲ ਸੜਕ 'ਤੇ ਚੀਮਾ, ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ, ਸ੍ਰੀ ਗੁਰੂ ਰਵੀਦਾਸ ਦਰਬਾਰ ਹਾਲ ਮੂਨਕ, ਬੱਸ ਸਟੈਂਡ ਭਵਾਨੀਗੜ੍ਹ ਅਤੇ ਐਸ.ਐਸ.ਐਸ.ਜੀ. ਲੌਂਗੋਵਾਲ ਵਿਖੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ | ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਐਸ.ਐਮ.ਓਜ਼ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |