ਸੁਨਾਮ ਊਧਮ ਸਿੰਘ ਵਾਲਾ, 19 ਫਰਵਰੀ (ਭੁੱਲਰ, ਧਾਲੀਵਾਲ) - ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਜ਼ਿਲ੍ਹਾ ਸੰਗਰੂਰ ਦੇ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ | ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੋਕਸੋ ਐਕਟ ਅਤੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਪੂਰੀ ਜਾਣਕਾਰੀ ਪ੍ਰਦਾਨ ਕਰਨਾ ਅਤੇ ਉਨ੍ਹਾਂ ਵਿੱਚ ਆਪਣੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਡੀ.ਏ.ਵੀ. ਪਬਲਿਕ ਸਕੂਲ, ਸੁਨਾਮ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਬੱਚਿਆਂ ਨਾਲ ਸਬੰਧਿਤ ਲਿੰਗ ਅਪਰਾਧਾਂ ਤੋਂ ਸੁਰੱਖਿਆ ਲਈ ਬਣੇ ਕਾਨੂੰਨੀ ਪ੍ਰਾਵਧਾਨਾਂ ਬਾਰੇ ਸਮਝਾਇਆ ਗਿਆ ਅਤੇ ਚੰਗੀ ਤੇ ਮਾੜੀ ਛੂਹ ਦੀ ਪਹਿਚਾਣ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਦੇ ਨਾਲ ਹੀ ਬੱਚਿਆਂ ਨੂੰ ਦੱਸਿਆ ਗਿਆ ਕਿ ਕਿਸੇ ਵੀ ਅਣਚਾਹੀ, ਡਰਾਉਣੀ ਜਾਂ ਸ਼ੱਕੀ ਘਟਨਾ ਦੀ ਸਥਿਤੀ ਵਿੱਚ ਚੁੱਪ ਨਾ ਰਹਿ ਕੇ ਤੁਰੰਤ ਆਪਣੇ ਮਾਤਾ-ਪਿਤਾ, ਅਧਿਆਪਕ ਜਾਂ ਕਿਸੇ ਭਰੋਸੇਯੋਗ ਵੱਡੇ ਵਿਅਕਤੀ ਨੂੰ ਸੂਚਿਤ ਕਰਨਾ ਬਹੁਤ ਜ਼ਰੂਰੀ ਹੈ | ਬੱਚਿਆਂ ਨੂੰ ਚਾਈਲਡ ਹੈਲਪ ਲਾਈਨ ਨੰਬਰ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਜ਼ਰੂਰਤ ਪੈਣ 'ਤੇ ਇਸ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਤੋਂ ਇਲਾਵਾ ਬੱਚਿਆਂ ਦੇ ਮੁੱਢਲੇ ਅਧਿਕਾਰਾਂ ਜਿਵੇਂ ਸੁਰੱਖਿਆ ਦਾ ਅਧਿਕਾਰ, ਸਿੱਖਿਆ ਦਾ ਅਧਿਕਾਰ, ਸਨਮਾਨ ਨਾਲ ਜੀਵਨ ਜੀਊਣ ਦਾ ਅਧਿਕਾਰ ਅਤੇ ਸ਼ੋਸ਼ਣ ਤੋਂ ਬਚਾਅ ਦੇ ਅਧਿਕਾਰ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ | ਡਿਜ਼ਿਟਲ ਯੁੱਗ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਤੇ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ, ਅਣਜਾਣ ਵਿਅਕਤੀਆਂ ਨਾਲ ਜਾਣਕਾਰੀ ਸਾਂਝੀ ਨਾ ਕਰਨ ਅਤੇ ਆਨਲਾਈਨ ਖ਼ਤਰਿਆਂ ਤੋਂ ਸਚੇਤ ਰਹਿਣ ਬਾਰੇ ਵੀ ਜਾਗਰੂਕ ਕੀਤਾ ਗਿਆ |ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਕੂਲ ਪੱਧਰ 'ਤੇ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਉਣਾ ਬਹੁਤ ਜ਼ਰੂਰੀ ਹਨ, ਤਾਂ ਜੋ ਬੱਚੇ ਆਪਣੇ ਅਧਿਕਾਰਾਂ ਬਾਰੇ ਸੁਚੇਤ ਹੋਣ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਜਾਂ ਅਪਰਾਧ ਤੋਂ ਆਪਣੇ ਆਪ ਨੂੰ ਬਚਾ ਸਕਣ |