ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ (ਧਾਲੀਵਾਲ, ਭੁੱਲਰ) - ਕਾਂਗਰਸ ਪਾਰਟੀ ਦੀ ਬਰਨਾਲਾ ਵਿਖੇ ਹੋ ਰਹੀ 'ਮਨਰੇਗਾ ਬਚਾਓ ਸੰਗਰਾਮ ਮਹਾਂ ਰੈਲੀ' 'ਚ ਜਾਣ ਸਮੇਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਦੇ ਗ੍ਰਹਿ ਵਿਖੇ ਪੁੱਜੇ | ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮਨਰੇਗਾ ਕਾਨੂੰਨ ਵਿਚ ਤਬਦੀਲੀ ਕਰਕੇ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਨੂੰ ਕਿਰਤੀਆਂ ਦੇ ਹੱਕਾਂ ਤੇ ਡਾਕਾ ਨਹੀਂ ਮਾਰਨ ਦੇਵੇਗੀ | ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਬਰਨਾਲਾ ਰੈਲੀ 'ਚ ਵੱਡਾ ਇਕੱਠ ਹੋਣ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਬਰਨਾਲਾ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਧਰਤੀ ਹੈ, ਜਿਸ ਨੇ ਇਤਿਹਾਸ ਸਿਰਜਿਆ ਹੈ ਤੇ ਇੱਥੋਂ ਸ਼ੁਰੂ ਹੋਇਆ ਸੰਘਰਸ਼ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਨੱਕ 'ਚ ਦਮ ਕਰ ਦੇਵੇਗਾ | ਇਸ ਮੌਕੇ ਐਡਵੋਕੇਟ ਅਜੇਵੀਰ ਸਿੰਘ ਚਹਿਲ ਅਤੇ ਬਲਵਿੰਦਰ ਸਿੰਘ ਧਾਲੀਵਾਲ ਆਦਿ ਮੌਜੂਦ ਸਨ |