ਲੌਂਗੋਵਾਲ, 28 ਫਰਵਰੀ (ਵਿਨੋਦ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ (ਪਟਿਆਲਾ) ਵਲੋਂ ਕਰਵਾਏ ਗਏ 'ਗਿਆਨੁ ਪਰਚੰਡੁ' ਪ੍ਰਸ਼ਨੋਤਰੀ ਮੁਕਾਬਲਿਆਂ ਦੇ ਫਾਈਨਲ ਵਿਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ਇਹ ਫਾਈਨਲ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿਖੇ ਆਯੋਜਿਤ ਹੋਏ | ਕਾਲਜ ਦੇ ਪਿ੍ੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਧਾਰਮਿਕ ਅਧਿਆਪਕ ਪ੍ਰੋਫੈਸਰ ਸੁਖਮਨੀ ਕੌਰ ਅਤੇ ਜਿੱਤ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਸਮੂਹ ਸਟਾਫ਼ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਨੇ ਕਾਲਜ ਦੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਸੰਸਥਾ ਦੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ | ਪਿ੍ੰਸੀਪਲ ਸਾਹਿਬ ਨੇ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾਂਦੇ ਅਜਿਹੇ ਗਿਆਨ ਭਰਪੂਰ ਮੁਕਾਬਲਿਆਂ ਦੀ ਸਲਾਹਨਾ ਕਰਦਿਆਂ ਕਿਹਾ ਕਿ ਇਹ ਯਤਨ ਵਿਦਿਆਰਥੀਆਂ ਵਿਚ ਧਾਰਮਿਕ, ਇਤਿਹਾਸਕ ਅਤੇ ਆਮ ਗਿਆਨ ਪ੍ਰਤੀ ਰੁਚੀ ਪੈਦਾ ਕਰਦੇ ਹਨ ਅਤੇ ਉਨ੍ਹਾਂ ਦੇ ਸਰਵ ਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਹ ਜਿੱਤ ਸਿਰਫ਼ ਇੱਕ ਸਨਮਾਨ ਨਹੀਂ, ਸਗੋਂ ਆਗਾਮੀ ਪ੍ਰਾਪਤੀਆਂ ਵੱਲ ਇੱਕ ਪ੍ਰੇਰਕ ਕਦਮ ਹੈ |