ਸ਼ੇਰਪੁਰ, 28 ਫ਼ਰਵਰੀ (ਦਰਸ਼ਨ ਸਿੰਘ ਖੇੜੀ) - ਸਰਵ ਸਿੱਖਿਆ ਅਭਿਆਨ ਦੇ ਨਾਨ-ਟੀਚਿੰਗ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਤੋਂ ਬਾਅਦ ਉਨ੍ਹਾਂ ਦੀ ਤਨਖ਼ਾਹ ਵਿਚ ਕੀਤੀ ਗਈ ਭਾਰੀ ਕਟੌਤੀ ਦੇ ਵਿਰੋਧ ਵਜੋਂ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਜਦੋਂ ਕਰਮਚਾਰੀ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਪੈਦਲ ਮਾਰਚ ਕਰ ਰਹੇ ਸਨ ਤਾਂ ਚੰਡੀਗੜ੍ਹ ਪੁਲਿਸ ਵਲੋਂ ਉਨ੍ਹਾਂ 'ਤੇ ਲਾਠੀਚਾਰਜ ਕਰਦੇ ਹੋਏ ਬੇਤਹਾਸ਼ਾ ਤਸ਼ੱਦਦ ਕੀਤਾ ਗਿਆ | ਮਨਿਸਟਰੀਅਲ ਸਟਾਫ਼ ਯੂਨੀਅਨ, ਸਿੱਖਿਆ ਵਿਭਾਗ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਯੂਨੀਅਨ ਦੀ ਪੁਰਜ਼ੋਰ ਮੰਗ ਹੈ ਕਿ ਸਰਵ ਸਿੱਖਿਆ ਅਭਿਆਨ ਦੇ ਦਫ਼ਤਰੀ ਕਰਮਚਾਰੀਆਂ ਨਾਲ ਆਰਥਿਕ ਤੌਰ ਤੇ ਹੋ ਰਹੀ ਬੇਇਨਸਾਫ਼ੀ ਨੂੰ ਤੁਰੰਤ ਰੋਕਦੇ ਹੋਏ ਉਨ੍ਹਾਂ ਨੂੰ ਪੂਰੀ ਤਨਖ਼ਾਹ ਦਿੱਤੀ ਜਾਵੇ | ਸੰਘਰਸ਼ ਵਿਚ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ, ਸੀਨੀਅਰ ਮੀਤ ਪ੍ਰਧਾਨ ਪਰਮਪ੍ਰੀਤ ਸਿੰਘ ਈਨਾ ਬਾਜਵਾ, ਗੁਰਪ੍ਰੀਤ ਸਿੰਘ ਘਨੌਰੀ ਕਲਾਂ, ਭੀਮ ਸਿੰਘ, ਨਿਰਭੈ ਸਿੰਘ, ਸਮਨਦੀਪ ਸਿੰਘ, ਦਲਵੀਰ ਸਿੰਘ ਟਿੱਬਾ, ਕਰਮਪ੍ਰੀਤ ਸਿੰਘ ਬਮਾਲ ਸਮੇਤ ਹੋਰ ਸਾਥੀ ਮੌਜੂਦ ਸਨ |