ਕੁੱਪ ਕਲਾਂ, 28 ਫਰਵਰੀ (ਝੱਲ) - ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਅੰਦਰ ਜਿੱਥੇ ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਨੂੰ ਤਰਜੀਹ ਦੇਣ ਵਜੋਂ ਹਰ ਇੱਕ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਦਾ ਤਹੱਈਆ ਕੀਤਾ ਗਿਆ ਉੱਥੇ ਹੀ ਵਿਧਾਨ ਸਭਾ ਹਲਕਾ ਅਮਰਗੜ੍ਹ ਨਾਲ ਸੰਬੰਧਿਤ ਪਿੰਡਾਂ ਨੂੰ ਜੋੜਦੀਆਂ ਲਿੰਕ ਸੜਕਾਂ ਦੀ ਚੌੜਾਈ 18 ਫੁੱਟ ਕਰਦਿਆਂ ਹਲਕਾ ਵਾਸੀਆਂ ਨੂੰ ਵਿਸ਼ੇਸ਼ ਤੋਹਫ਼ਾ ਦਿੱਤਾ ਜਾਵੇਗਾ | ਇਹ ਵਿਚਾਰ ਸਾਂਝੇ ਕਰਦਿਆਂ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੇ ਆਖਿਆ ਕਿ ਪੰਜਾਬ ਅੰਦਰ ਭਾਵੇਂ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਰਹੀਆਂ ਪਰ ਪੰਜਾਬ ਦੇ ਹਿਤਾਂ ਨੂੰ ਹਮੇਸ਼ਾ ਅਣਗੌਲਿਆ ਹੀ ਕੀਤਾ ਗਿਆ ਕਿਉਂਕਿ ਪੰਜਾਬ ਦੀ ਹਿੱਕ ਚੀਰ ਕੇ ਲੰਘਦੀਆਂ ਨਹਿਰਾਂ ਉੱਤੇ ਹੀ ਪੰਜਾਬ ਦੇ ਲੋਕਾਂ ਦਾ ਹੱਕ ਨਾ ਹੋਣਾ ਇਹ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਨਹੀਂ ਤਾਂ ਹੋਰ ਕੀ ਹੈ , ਇਸੇ ਕਰਕੇ ਹੀ ਪੰਜਾਬ ਸਰਕਾਰ ਨੇ ਪੰਜਾਬ ਵਿੱਚੋਂ ਲੰਘਦੀਆਂ ਨਹਿਰਾਂ ਦਾ ਪਾਣੀ ਵੱਧ ਤੋਂ ਵੱਧ ਮਾਤਰਾ ਵਿੱਚ ਪੰਜਾਬ ਦੀ ਕਿਸਾਨੀ ਨੂੰ ਮੁਹੱਈਆ ਕਰਵਾਇਆ ਹੈ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਆਉਂਦੇ ਹਾੜੀ ਦੇ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਦਾ ਖੇਤ ਨਹਿਰੀ ਪਾਣੀ ਤੋਂ ਵਾਂਝਾ ਨਹੀਂ ਰਹੇਗਾ | ਪ੍ਰੋਫੈਸਰ ਗੱਜਣ ਮਾਜਰਾ ਨੇ ਆਖਿਆ ਕਿ ਹਲਕੇ ਦੀਆਂ ਜ਼ਿਆਦਾਤਰ ਲਿੰਕ ਸੜਕਾਂ ਨੂੰ 18 ਫੁੱਟ ਵਿੱਚ ਤਬਦੀਲ ਕਰਨ ਦੇ ਨਾਲ ਨਾਲ ਬਹੁ ਗਿਣਤੀ ਪਿੰਡਾਂ ਦੀਆਂ ਫਿਰਨੀਆਂ ਦਾ ਵੀ 18 ਫੁੱਟ ਤੱਕ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਆਉਣ ਜਾਣ ਸਮੇਂ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਉਨ੍ਹਾਂ ਦੇ ਨਾਲ ਲਖਵੀਰ ਸਿੰਘ ਬਬਲੀ ਗੱਜਣ ਮਾਜਰਾ , ਸਾਬਕਾ ਸਰਪੰਚ ਗੁਰਦੀਪ ਸਿੰਘ ਝੱਲ ਅਤੇ ਹੋਰ ਹਲਕਾ ਵਾਸੀ ਹਾਜ਼ਰ ਸਨ |