ਸੰਗਰੂਰ, 1 ਮਾਰਚ (ਧੀਰਜ ਪਸੋਰੀਆ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪੰਜਾਬੀਆਂ ਵਿਚ ਵੱਡਾ ਉਤਸ਼ਾਹ ਹੈ | ਇਹ ਪ੍ਰਗਟਾਵਾ ਕਰਦਿਆਂ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਲਲਿਤ ਗਰਗ ਨੇ ਕਿਹਾ ਹੈ ਕਿ ਇਸ ਰੈਲੀ ਵਿਚ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਨਾਲ ਸੰਬੰਧਿਤ ਵਕੀਲਾਂ ਦਾ ਵੱਡਾ ਕਾਫ਼ਲਾ ਸ਼ਮੂਲੀਅਤ ਕਰੇਗਾ | ਐਡਵੋਕੇਟ ਗਰਗ ਨੇ ਕਿਹਾ ਪੰਜਾਬ ਦੇ ਲੋਕ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਬਹੁਤ ਤੰਗ ਆ ਚੁੱਕੇ ਹਨ ਅਤੇ ਉਹ ਇਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ ਬੈਠੇ ਹਨ | ਉਨ੍ਹਾਂ ਹੋਰ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਸੂਬੇ ਵਿਚ ਲਾਗੂ ਨਹੀਂ ਕਰ ਰਹੀ ਹੈ ਜਿਸ ਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ, ਇਹੀ ਕਾਰਨ ਹੈ ਕਿ 14 ਮਾਰਚ ਨੂੰ ਮੋਗਾ ਵਿਖੇ ਹੋ ਰਹੀ ਰੈਲੀ ਵਿਚ ਪੰਜਾਬ ਦੇ ਕੋਨੇ ਕੋਨੇ ਤੋਂ ਲੋਕ ਸ਼ਮੂਲੀਅਤ ਕਰ ਰਹੇ ਹਨ | ਇਹ ਰੈਲੀ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੇਗੀ |