ਧੂਰੀ, 29 ਅਪ੍ਰੈਲ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਕਰਨ ਦੀ ਖ਼ੁਸ਼ੀ 'ਚ ਧੂਰੀ ਦੇ ਵਾਰਡ ਨੰਬਰ 21 ਅਤੇ ਪਿੰਡ ਬਬਨਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ਼ੁਕਰਾਨਾ ਅਰਦਾਸ ਸਮਾਗਮ ਕਰਵਾਏ ਗਏ | ਇਸ ਮੌਕੇ ਸੰਗਤ ਵੱਲੋਂ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਅਤੇ ਸਿੱਖਿਆ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਉਪਰੰਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਬੇਅਦਬੀ ਵਿਰੁੱਧ ਇੱਕ ਇਤਿਹਾਸਕ ਅਤੇ ਫ਼ੈਸਲਾਕੁਨ ਕਦਮ ਹੈ | ਇਸ ਮੌਕੇ ਸ਼ੁਕਰਾਨਾ ਸਮਾਗਮਾਂ ਵਿੱਚ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ |