ਧੂਰੀ, 30 ਅਪ੍ਰੈਲ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਹਲਕਾ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਸਥਾਨਕ ਬੱਸ ਸਟੈਂਡ ਰੋਡ ਦੇ ਪੀੜਤ ਦੁਕਾਨਦਾਰਾਂ ਨਾਲ ਇੱਕ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਨੇੜਿਓਾ ਸੁਣਿਆ | ਇਸ ਮੌਕੇ ਉਨ੍ਹਾਂ ਨੇ ਮੌਜੂਦਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਗਾਉਂਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਦੇ ਆਪਣੇ ਹਲਕੇ ਵਿੱਚ ਹੀ ਵਿਕਾਸ ਕਾਰਜਾਂ ਦੀ ਗਤੀ ਇੰਨੀ ਸੁਸਤ ਹੈ | ਉਨ੍ਹਾਂ ਕਿਹਾ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਹਿਤਾਂ ਲਈ ਆਵਾਜ਼ ਬੁਲੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ | ਗੋਲਡੀ ਖੰਗੂੜਾ ਨੇ ਦੱਸਿਆ ਕਿ ਬੱਸ ਸਟੈਂਡ ਰੋਡ ਦਾ ਇੱਕ ਹਿੱਸਾ ਪਿਛਲੇ ਤਕਰੀਬਨ ਪੰਜ ਮਹੀਨਿਆਂ ਤੋਂ ਪੁੱਟਿਆ ਹੋਇਆ ਹੈ, ਪਰ ਅਜੇ ਤੱਕ ਇਸ ਨੂੰ ਮੁਕੰਮਲ ਕਰਨ ਦੀ ਜ਼ਹਿਮਤ ਨਹੀਂ ਉਠਾਈ ਗਈ | ਸੜਕ ਦੀ ਇਹ ਖਸਤਾ ਹਾਲਤ ਨਾ ਸਿਰਫ਼ ਦੁਕਾਨਦਾਰਾਂ ਲਈ ਸਗੋਂ ਆਮ ਰਾਹਗੀਰਾਂ ਲਈ ਵੀ ਜੀਅ ਦਾ ਜੰਜਾਲ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਇੰਨੇ ਲੰਬੇ ਸਮੇਂ ਤੋਂ ਕੰਮ ਅਧੂਰਾ ਛੱਡਣਾ ਸਿੱਧੇ ਤੌਰ 'ਤੇ ਪ੍ਰਸ਼ਾਸਨਿਕ ਅਣਗਹਿਲੀ ਦਾ ਸਬੂਤ ਹੈ, ਜਿਸ ਦਾ ਖ਼ਮਿਆਜ਼ਾ ਸ਼ਹਿਰ ਨਿਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ | ਸਾਬਕਾ ਵਿਧਾਇਕ ਨੇ ਕਿਹਾ ਕਿ ਸੜਕ ਪੁੱਟੀ ਹੋਣ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ | ਗਾਹਕਾਂ ਦਾ ਦੁਕਾਨਾਂ ਤੱਕ ਪਹੁੰਚਣਾ ਮੁਸ਼ਕਿਲ ਹੋ ਗਿਆ ਹੈ, ਜਿਸ ਕਾਰਨ ਕਈ ਪਰਿਵਾਰਾਂ ਦਾ ਗੁਜ਼ਾਰਾ ਪ੍ਰਭਾਵਿਤ ਹੋ ਰਿਹਾ ਹੈ | ਇਸ ਤੋਂ ਇਲਾਵਾ, ਉੱਡਦੀ ਧੂੜ ਅਤੇ ਟੁੱਟੀ ਸੜਕ ਕਾਰਨ ਰੋਜ਼ਾਨਾ ਛੋਟੇ-ਮੋਟੇ ਸੜਕ ਹਾਦਸੇ ਵਾਪਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਹਾਲਤ ਸਿਰਫ਼ ਇਸੇ ਸੜਕ ਦੀ ਨਹੀਂ, ਸਗੋਂ ਪੂਰੇ ਧੂਰੀ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦਾ ਵੀ ਇਹੀ ਹਾਲ ਹੈ | ਗੋਲਡੀ ਖੰਗੂੜਾ ਨੇ ਹਲਕੇ ਦੀ ਨੁਮਾਇੰਦਗੀ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਕੈਂਪ ਦਫ਼ਤਰ ਦੇ ਇੰਚਾਰਜਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਗੰਭੀਰ ਮਸਲੇ ਵੱਲ ਤੁਰੰਤ ਧਿਆਨ ਦੇਣ | ਉਨ੍ਹਾਂ ਮੰਗ ਕੀਤੀ ਕਿ ਧੂਰੀ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਇਸ ਮੁੱਖ ਮਾਰਗ ਦਾ ਨਿਰਮਾਣ ਜਲਦੀ ਤੋਂ ਜਲਦੀ ਮੁਕੰਮਲ ਹੋ ਸਕੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਦਾ ਹੱਲ ਨਾ ਹੋਇਆ ਤਾਂ ਲੋਕ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ |