ਸੰਗਰੂਰ, 10 ਮਈ (ਧੀਰਜ ਪਸੋਰੀਆ) - ਆਮ ਆਦਮੀ ਪਾਰਟੀ ਦੀ ਸਰਕਾਰ ਰਾਜਨੀਤਿਕ ਬਿਆਨਬਾਜ਼ੀ ਕਰਨ ਦੀ ਬਜਾਏ ਕੰਮਾਂ ਵੱਲ ਧਿਆਨ ਦਿੰਦੀ ਹੈ | ਇਹ ਪ੍ਰਗਟਾਵਾ ਕਰਦਿਆਂ ਹੋਇਆਂ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਵੱਧ ਰਹੇ ਘਰੇਲੂ ਖਰਚੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ ਤਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਲਗਭਗ 40 ਲੱਖ ਪਰਿਵਾਰਾਂ ਨੂੰ ਰੋਜ਼ਾਨਾ ਜੀਵਨ ਵਾਸਤੇ ਰਸੋਈ ਲਈ ਲੋੜੀਂਦੀ ਸਪਲਾਈ ਦੀ ਸਿੱਧੀ ਸਹਾਇਤਾ ਕਰ ਕੇ ਇੱਕ ਇਤਿਹਾਸਿਕ ਤੇ ਹਮਦਰਦੀ ਭਰਿਆ ਕਦਮ ਚੁੱਕਿਆ ਹੈ | ਇਸ ਨਾਲ ਸੂਬੇ ਦੇ 40 ਲੱਖ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰ ਕੇ ਘਰੇਲੂ ਬੋਝ ਨੂੰ ਘਟਾਇਆ ਗਿਆ ਹੈ | ਜਦੋਂ ਦੀ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਮੁਫ਼ਤ ਬਿਜਲੀ, ਮੁੱਖ ਮੰਤਰੀ ਸਿਹਤ ਯੋਜਨਾ, ਮਾਵਾਂ ਧੀਆਂ ਸਤਿਕਾਰ ਯੋਜਨਾ, ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਵਰਗੀਆਂ ਸਹੂਲਤਾਂ ਪ੍ਰਦਾਨ ਕਰ ਕੇ ਸਮਾਜ ਦੇ ਹਰ ਵਰਗ ਦੇ ਜੀਵਨ ਨੂੰ ਸੁਖਾਲਾ ਬਣਾਉਣ ਦੀ ਦਿਸ਼ਾ ਵਿਚ ਨਿਰੰਤਰ ਕਦਮ ਪੁੱਟੇ ਜਾ ਰਹੇ ਹਨ | ਸੂਬਾ ਸਰਕਾਰ ਨੇ ਭਵਿੱਖ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ | ਉਨ੍ਹਾਂ ਇਹ ਸੇਵਾ ਨਿਭਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੌਕਾ ਦੇਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ | ਜ਼ਿਕਰਯੋਗ ਹੈ ਕਿ ਇਸ ਕਾਨੂੰਨ ਵਿਚ ਸਖ਼ਤ ਸਜ਼ਾ ਭਾਰੀ ਜੁਰਮਾਨੇ ਅਤੇ ਲੰਬੀ ਕੈਦ ਦੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਹਸਪਤਾਲਾਂ ਦੀ ਦਸ਼ਾ ਸੁਧਾਰਨ ਦੇ ਨਾਲ ਨਾਲ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ |