08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

'ਆਪ' ਸਰਕਾਰ ਨੇ ਨਹਿਰਾਂ ਨੂੰ ਸੁਰਜੀਤ ਕਰ ਕੇ 14,000 ਕਿੱਲੋਮੀਟਰ ਪਾਈਪ ਲਾਈਨਾਂ ਵਿਛਾਈਆਂ-ਭਗਵੰਤ ਮਾਨ <br/>

ਅਜੀਤ ਡੈਸਕ 11-05-2026
ਮਸਤੂਆਣਾ ਸਾਹਿਬ, 10 ਮਈ (ਦਮਦਮੀ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਕਰਾਨਾ ਯਾਤਰਾ ਦੌਰਾਨ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਉਹ ਇੱਕ ਸ਼ਰਧਾਲੂ ਅਤੇ ਨਿਮਾਣੇ ਸਿੱਖ ਵਜੋਂ ਮੈਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੀ ਧਾਰਮਿਕ ਭਾਵਨਾ ਅਤੇ ਉਤਸ਼ਾਹ ਨਾਲ 'ਸ਼ੁਕਰਾਨਾ ਯਾਤਰਾ' ਸ਼ੁਰੂ ਕੀਤੀ ਸੀ | ਮੇਰਾ ਦਿਲ ਗੁਰੂ ਸਾਹਿਬ ਦਾ ਰਿਣੀ ਹੈ ਕਿ ਉਨ੍ਹਾਂ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦਿੱਤਾ, ਜੋ 'ਬੇਅਦਬੀ' ਲਈ ਸਖ਼ਤ ਸਜ਼ਾ ਯਕੀਨੀ ਬਣਾਉਂਦਾ ਹੈ | ਉਨ੍ਹਾਂ ਕਿਹਾ ਕਿ ਇਸ ਨਾ-ਮੁਆਫੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਘਿਣਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇਗੀ |Uਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਪੰਜਾਬ ਵਿੱਚ 90 ਪ੍ਰਤੀਸ਼ਤ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 65,000 ਤੋਂ ਵੱਧ ਨੌਜਵਾਨਾਂ ਨੇ ਬਿਨਾਂ ਸਿਫ਼ਾਰਿਸ਼ ਤੋਂ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ | ਰਾਜ ਭਰ ਵਿੱਚ ਸੜਕਾਂ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਕਈ ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ, ਜਿਸ ਨਾਲ ਲੋਕਾਂ ਲਈ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਹੁੰਦੀ ਹੈ | ਉਨ੍ਹਾਂ ਸਿੰਚਾਈ ਸੁਧਾਰਾਂ ਬਾਰੇ ਬੋਲਦਿਆਂ ਕਿਹਾ ਕਿ ਜਦੋਂ 2022 ਵਿੱਚ 'ਆਪ' ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 21 ਪ੍ਰਤੀਸ਼ਤ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ | ਅੱਜ ਸਿੰਚਾਈ ਲਈ ਲਗਭਗ 68 ਪ੍ਰਤੀਸ਼ਤ ਨਹਿਰੀ ਪਾਣੀ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ ਅੰਕੜਾ 85 ਪ੍ਰਤੀਸ਼ਤ ਹੋ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਲਗਭਗ 14,000 ਕਿੱਲੋਮੀਟਰ ਪਾਈਪ ਲਾਈਨਾਂ ਅਤੇ ਰਜਵਾਹੇ ਚਾਲੂ ਕੀਤੇ ਹਨ | ਕਿਸਾਨਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਪਾਈਪ ਲਾਈਨਾਂ ਅਤੇ ਰਜਵਾਹਿਆਂ ਰਾਹੀਂ ਲਗਭਗ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ | ਪੰਜਾਬ ਸਰਕਾਰ ਵੱਲੋਂ ਛੱਡਿਆ ਗਿਆ ਇਹ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਮੈਂ 2022 ਵਿੱਚ ਲੋਕਾਂ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਿਹਾ ਹਾਂ ਅਤੇ ਪੰਜਾਬੀਆਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਸਮਾਗਮਾਂ ਨੂੰ ਲੈ ਕੇ ਜਲਦੀ ਹੀ ਮਸਤੂਆਣਾ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ | ਉਨ੍ਹਾਂ ਗੁਰਦੁਆਰਾ ਕੈਂਪਸ ਦੀ ਸੁੰਦਰਤਾ ਲਈ ਅੰਦਰਲੀਆਂ ਸਾਰੀਆਂ ਸੜਕਾਂ ਅਤੇ ਗੇਟਾਂ ਸਬੰਧੀ ਦਿੱਤੇ ਗਏ ਮੰਗ ਪੱਤਰ ਨੂੰ ਲੈ ਕੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਮਸਤੂਆਣਾ ਸਾਹਿਬ ਦੇ ਜੋ ਵੀ ਵਿਕਾਸ ਕਾਰਜ ਹਨ, ਉਹ ਜਲਦੀ ਆਰੰਭ ਕਰਵਾਏ ਜਾਣ | ਇਸ ਮੌਕੇ ਗੁਰਦੁਆਰਾ ਗੁਰਸਾਗਰ ਸਾਹਿਬ ਅਤੇ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਜਿੱਥੇ ਇਹਨਾਂ ਕਾਰਜਾਂ ਨੂੰ ਲੈ ਕੇ ਧੰਨਵਾਦ ਕੀਤਾ, ਉੱਥੇ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ ਬਾਬੂ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਵਰਿੰਦਰ ਗੋਇਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਜਥੇਦਾਰ ਬਲਦੇਵ ਸਿੰਘ ਭੰਮਾਬੱਦੀ, ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਰਜੀਤ ਸਿੰਘ ਵੱਲੋਂ ਬਾਬਾ ਦਰਸ਼ਨ ਸਿੰਘ, ਗੁਰਦੁਆਰਾ ਮਾਤਾ ਭੋਲੀ ਕੌਰ ਦੇ ਮੁੱਖ ਸੇਵਾਦਾਰ ਬਾਬਾ ਹਰਬੇਅੰਤ ਸਿੰਘ, ਸਰਪੰਚ ਰਣਦੀਪ ਸਿੰਘ ਮਿੰਟੂ ਬਡਰੁੱਖਾਂ ਦਾ ਸਮੇਤ ਵੱਡੀ ਗਿਣਤੀ ਵਿੱਚ ਕੌਂਸਲ ਦੇ ਮੈਂਬਰ ਅਤੇ ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ ਅਤੇ ਨੰਬਰਦਾਰ ਮੌਜੂਦ ਸਨ |

ਪਿਛਲੀ ਖ਼ਬਰ ਸ਼ੋ੍ਰ.ਅ.ਦ ਦੀ 15 ਮਈ ਦੀ ਸੰਗਰੂਰ ਰੈਲੀ ਆਗਾਮੀ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕਰੇਗੀ- ਰਾਮਪੁਰਾ, ਭਸੌੜ, ਕਾਲਾਬੂਲਾ, ਬਾ... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰ ਕੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਕਰਵਾਇਆ ਜਾਵੇਗਾ ਨਿਪਟਾਰਾ-ਬਰਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।