ਮਲੇਰਕੋਟਲਾ 11 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਹਨੀਫ਼ ਥਿੰਦ) - ਯਾਦਵਿੰਦਰ ਸ਼ਰਮਾ ਨੇ ਅੱਜ ਇੰਪਰੂਵਮੈਂਟ ਟਰੱਸਟ ਮਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਟਰੱਸਟ ਦੀ ਪ੍ਰਮੁੱਖ ਤਰਜੀਹ ਹੋਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਤੇ ਸ਼ਹਿਰੀ ਵਿਕਾਸ ਨਾਲ ਸਬੰਧਿਤ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨੇ ਦਫ਼ਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ | ਯਾਦਵਿੰਦਰ ਸ਼ਰਮਾ ਇਸ ਤੋਂ ਪਹਿਲਾਂ ਨਾਭਾ, ਪਟਿਆਲਾ, ਜਲੰਧਰ, ਅੰਮਿ੍ਤਸਰ, ਤਰਨਤਾਰਨ ਅਤੇ ਸਮੇਤ ਹੋਰ ਸਥਾਨਾਂ 'ਤੇ ਕਾਰਜ ਸਾਧਕ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਤੇ ਆਪਣੇ ਪ੍ਰਸ਼ਾਸਨਿਕ ਤਜਰਬੇ ਲਈ ਜਾਣੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ |