ਸੰਗਰੂਰ, 11 ਮਈ (ਧੀਰਜ ਪਸ਼ੌਰੀਆ) - ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਚੋਣਾਂ ਨਾਲ ਸਬੰਧਿਤ ਮੀਟਿੰਗ ਵਿੱਚ ਵਿਧਾਇਕ ਜਮੀਲ ਉਰ ਰਹਿਮਾਨ ਅਤੇ ਉਨ੍ਹਾਂ ਦੀ ਟੀਮ ਨਾਲ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਮੁੱਖ ਤੌਰ 'ਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਸਥਾਰ ਵਿੱਚ ਰਣਨੀਤੀ ਤਿਆਰ ਕੀਤੀ ਗਈ | ਮਿੰਕੂ ਜਵੰਧਾ ਨੇ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਹੀ ਕਿਸੇ ਵੀ ਚੋਣ ਵਿੱਚ ਜਿੱਤ ਦੀ ਨੀਂਹ ਹੁੰਦੀ ਹੈ | ਉਨ੍ਹਾਂ ਨੇ ਮਲੇਰਕੋਟਲਾ ਦੇ ਵੱਖ-ਵੱਖ ਵਾਰਡਾਂ ਵਿੱਚ ਪਾਰਟੀ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਆਗੂਆਂ ਨੂੰ ਕਿਹਾ ਕਿ ਉਹ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਤਾਂ ਜੋ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚ ਸਕੇ | ਜਵੰਧਾ ਨੇ ਕਿਹਾ ਕਿ ਪਾਰਟੀ ਦੇ ਅੰਦਰੂਨੀ ਅਨੁਸ਼ਾਸਨ ਅਤੇ ਇੱਕਜੁੱਟਤਾ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ | ਮੀਟਿੰਗ ਵਿੱਚ ਮੌਜੂਦ ਆਗੂਆਂ ਨੇ ਭਰੋਸਾ ਦਿੱਤਾ ਕਿ ਉਹ ਜ਼ਮੀਨੀ ਪੱਧਰ 'ਤੇ ਪਾਰਟੀ ਦੇ ਅਕਸ ਨੂੰ ਹੋਰ ਨਿਖਾਰਨ ਲਈ ਦਿਨ-ਰਾਤ ਮਿਹਨਤ ਕਰਨਗੇ | ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਮਿੳਾੂਸੀਪਲ ਕੌਂਸਲ ਨਾਲ ਜੁੜੇ ਪ੍ਰਸ਼ਾਸਨਿਕ ਮੁੱਦਿਆਂ 'ਤੇ ਵੀ ਚਰਚਾ ਹੋਈ | ਮਿੰਕੂ ਜਵੰਧਾ ਨੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪਾਰਟੀ ਨੇ ਜੋ ਵੀ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਵਚਨਬੱਧ ਹਾਂ | ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਕੌਂਸਲਰ ਅਤੇ ਮੁਹਤਬਰ ਸ਼ਖਸੀਅਤਾਂ ਮੌਜੂਦ ਸਨ, ਜਿਨ੍ਹਾਂ ਨੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ 'ਤੇ ਸਹਿਮਤੀ ਜਤਾਈ |