ਮਲੇਰਕੋਟਲਾ, 15 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਉਮੀਦਵਾਰਾਂ ਵੱਲੋਂ ਕਾਗ਼ਜ਼ ਦਾਖਲ ਕਰਨ ਦੀ ਪ੍ਰਕਿਰਿਆ ਜਾਰੀ ਹੈ | 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਸਬੰਧੀ, ਨਾਮਜ਼ਦਗੀਆਂ ਭਰਨ ਦੇ ਦੂਸਰੇ ਦਿਨ ਤੱਕ ਕੁੱਲ 18 ਅਰਜ਼ੀਆਂ ਪ੍ਰਾਪਤ ਹੋਈਆਂ ਸਨ | ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਨਗਰ ਕੌਂਸਲ ਮਲੇਰਕੋਟਲਾ ਵਿਖੇ 86, ਨਗਰ ਕੌਂਸਲ ਅਹਿਮਦਗੜ੍ਹ ਵਿਖੇ 28 ਤੇ ਨਗਰ ਪੰਚਾਇਤ ਅਮਰਗੜ੍ਹ ਵਿਖੇ 22 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ | ਇਸ ਤਰ੍ਹਾਂ ਨਾਮਜ਼ਦਗੀਆਂ ਦੇ ਤੀਸਰੇ ਦਿਨ 136 ਅਰਜ਼ੀਆਂ ਪ੍ਰਾਪਤ ਹੋਈਆਂ ਜਿਸ ਨਾਲ ਨਾਮਜ਼ਦਗੀਆਂ ਦੀ ਸ਼ੁਰੂਆਤ ਤੋਂ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 154 ਨਾਮਜ਼ਦਗੀ ਪੱਤਰ ਪ੍ਰਾਪਤ ਹੋ ਚੁੱਕੇ ਹਨ | ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਉਮੀਦਵਾਰਾਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਹੋਰ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ 16 ਮਈ 2026 ਹੈ | ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਲਈ 19 ਮਈ 2026 ਨੂੰ ਦੁਪਹਿਰ 3 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਾਰੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਨਿਰਧਾਰਿਤ ਹਲਫ਼ੀਆ ਬਿਆਨ ਸਮੇਤ ਜਮਾਂ ਕਰਵਾਉਣ | ਜੇਕਰ ਕੋਈ ਉਮੀਦਵਾਰ ਕਿਸੇ ਰਾਜਨੀਤਿਕ ਪਾਰਟੀ ਵਲੋਂ ਚੋਣ ਲੜ ਰਿਹਾ ਹੈ ਤਾਂ ਉਸ ਲਈ ਸਬੰਧਿਤ ਪਾਰਟੀ ਦਾ ਅਧਿਕਾਰਤ ਪ੍ਰਮਾਣ ਪੱਤਰ ਨਾਲ ਨੱਥੀ ਕਰਨਾ ਲਾਜ਼ਮੀ ਹੈ |