ਸੰਗਰੂਰ, 17 ਮਈ (ਸੁਖਵਿੰਦਰ ਸਿੰਘ ਫੁੱਲ) - ਅੱਜ ਸਥਾਨਕ ਗੁਰਦੁਆਰਾ ਨਾਨਕਿਆਣਾ ਵਿੱਚ ਹੋਈ ਇਕੱਤਰਤਾ ਉਪਰੰਤ ਦਮਦਮਾ ਸਾਹਿਬ ਲਈ ਗ੍ਰੰਥੀ ਸਿੰਘਾਂ ਦਾ ਜਥਾ ਰਵਾਨਾ ਹੋਇਆ | ਇਕੱਤਰਤਾ ਦੌਰਾਨ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ਜਾਗਤ ਜੋਤ' ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਕਸਟੋਡੀਅਨ ਸ਼ਬਦ ਜ਼ਰੀਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਕ ਧਿਰ, ਗ੍ਰੰਥੀ ਤੇ ਅਖੰਡਪਾਠੀ ਸਿੰਘਾਂ, ਗੁਰਦੁਆਰਾ ਕਮੇਟੀਆਂ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੇ ਸ਼ਰਧਾਲੂਆਂ ਨੂੰ ਬੇਅਦਬੀ ਜਾਂ ਮਰਿਯਾਦਾ ਦੀ ਉਲੰਘਣਾ ਦੇ ਮਾਮਲਿਆਂ ਵਿਚ ਜ਼ਿੰਮੇਵਾਰ ਬਣਾ ਕੇ ਸਜ਼ਾ ਤੇ ਜੁਰਮਾਨਿਆਂ ਦੇ ਘੇਰੇ 'ਚ ਲਿਆਉਣ, ਮਰਿਆਦਾ ਦੀ ਉਲੰਘਣਾ ਨੂੰ ਕਾਨੰੂਨੀ ਉਲੰਘਣਾ ਵਜੋਂ ਦੋਸ਼ ਦੇ ਘੇਰੇ 'ਚ ਲਿਆ ਕੇ ਸੰਗਤਾਂ ਅੰਦਰ ਡਰ ਪੈਦਾ ਕਰਨ, ਪੁਲਿਸ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਸਿੱਧਾ ਦਖ਼ਲ ਦੇਣ ਲਈ ਰਾਹ ਬਣਾਉਣ, ਪੰਥਕ ਸ਼ਬਦਾਵਲੀ ਨੂੰ ਬਦਲਣ ਅਤੇ ਸੇਵਾ ਸੰਭਾਲ ਨਾਲ ਜੁੜੀ ਸ਼ਬਦਾਵਲੀ ਤੇ ਅਸਥਾਨਾਂ ਨੂੰ ਸਿੱਖ ਭਾਵਨਾਵਾਂ ਅਨੁਸਾਰ ਪ੍ਰਭਾਸ਼ਿਤ ਨਾ ਕਰਨ ਸਬੰਧੀ ਜਾਣਕਾਰੀ ਬਾਰੇ ਵਿਚਾਰਾਂ ਕੀਤੀਆਂ ਗਈਆਂ | ਕਿਹਾ ਗਿਆ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਦੇ ਹੋਏ ਆਦੇਸ਼ ਅਨੁਸਾਰ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਥਕ ਇਕੱਤਰਤਾ ਰੱਖੀ ਗਈ ਹੈ | ਇਸ 'ਚ ਸ਼ਾਮਿਲ ਹੋਣ ਲਈ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਮੈਨੇਜਰ ਰਜਿੰਦਰ ਸਿੰਘ ਦੀ ਅਗਵਾਈ 'ਚ ਗ੍ਰੰਥੀ ਸਿੰਘਾਂ ਸਭਾ ਸੁਸਾਇਟੀਆਂ ਅਤੇ ਇਲਾਕੇ ਦੀ ਸੰਗਤ ਪੰਥਕ ਇਕੱਤਰਤਾ 'ਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਈ |