ਕੌਹਰੀਆਂ, 18 ਮਈ (ਸੁਨੀਲ ਕੁਮਾਰ ਗਰਗ) - ਕਮਿਊਨਿਟੀ ਸਿਹਤ ਕੇਂਦਰ ਕੌਹਰੀਆਂ ਵਿਖੇ ਡਾ. ਰਵਿੰਦਰਪਾਲ ਕੌਰ ਨੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਹਸਪਤਾਲ ਦੇ ਸਮੂਹ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਹਸਪਤਾਲ ਦੇ ਸਮੂਹ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਨ੍ਹਾਂ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਤੀਰਾ ਅਪਣਾਉਣ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ | ਉਨ੍ਹਾਂ ਹਦਾਇਤ ਕੀਤੀ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਡਾ. ਜਗਮੋਹਨ ਸਿੰਘ ਸੇਵਾ ਮੁਕਤ ਸਹਾਇਕ ਸਿਵਲ ਸਰਜਨ, ਡਾ. ਜੋਤੀ ਸਰੂਪ ਵਧਵਾ, ਮਾਲਵਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ |