ਸੁਨਾਮ ਊਧਮ ਸਿੰਘ ਵਾਲਾ, 18 ਮਈ (ਧਾਲੀਵਾਲ, ਭੁੱਲਰ) ਸੁਨਾਮ ਨਗਰ ਕੌਂਸਲ ਚੋਣ ਪ੍ਰਕਿਰਿਆ ਦੌਰਾਨ ਵਿਰੋਧੀ ਉਮੀਦਵਾਰਾਂ ਦੇ ਬਹੁ ਗਿਣਤੀ ਨਾਮਜ਼ਦਗੀ ਕਾਗ਼ਜ਼ ਰੱਦ ਹੋਣ ਕਨਸੋਆਂ ਨੂੰ ਲੈ ਕੇ ਭੜਕੇ ਵਿਰੋਧੀ ਪਾਰਟੀਆਂ ਦੇ ਕਾਰਕੁੰਨਾਂ ਵੱਲੋਂ ਸਥਾਨਕ ਨਗਰ ਕੌਂਸਲ ਚੌਂਕ ਵਿਚ ਸੜਕ ਜਾਮ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਕਾਂਗਰਸੀ ਆਗੂ ਰਜਿੰਦਰ ਦੀਪਾ ਆਦਿ ਨੇ ਕਿਹਾ ਕਿ ਸੁਨਾਮ ਨਗਰ ਕੌਂਸਲ ਚੋਣਾਂ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਹਿ ਤੇ ਪ੍ਰਸ਼ਾਸਨ ਵੱਲੋਂ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਬਿਨ੍ਹਾਂ ਕਿਸੇ ਠੋਸ ਅਧਾਰ ਤੋਂ ਰੱਦ ਕੀਤੇ ਗਏ ਹਨ ਤਾਂ ਜੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਰਵਿਰੋਧ ਚੁਣੇ ਜਾ ਸਕਣ | ਉਨ੍ਹਾਂ ਕਿਹਾ ਕਿ ਸੁਨਾਮ ਵਿਚ ਅਜਿਹਾ ਧੱਕਾ 70 ਸਾਲ ਵਿਚ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ | ਇਸ ਮੌਕੇ ਮਨਪ੍ਰੀਤ ਸਿੰਘ ਮਨੀ ਵੜੈਚ, ਘਣਸ਼ਿਆਮ ਕਾਂਸਲ, ਅਨਿਲ ਜੁਨੇਜਾ ਆਦਿ ਵੱਡੀ ਗਿਣਤੀ ਵਿਚ ਉਮੀਦਵਾਰਾਂ ਦੇ ਸਮਰਥਕ ਮੌਜੂਦ ਸਨ |