ਅਮਰਗੜ੍ਹ, 19 ਮਈ (ਜਤਿੰਦਰ ਮੰਨਵੀ) - ਬੀਤੇ ਦਿਨ ਅਮਰਗੜ੍ਹ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਇੱਕ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮੁਸਤੈਦੀ ਦਿਖਾਉਂਦੇ ਹੋਏ ਸਥਾਨਕ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਈਮੇਲ ਰਾਹੀਂ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਅਤੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਅਮਲ 'ਚ ਲਿਆਂਦੀ ਹੈ | ਸਕੂਲਾਂ ਨੂੰ ਮਿਲੀਆਂ ਇਨ੍ਹਾਂ ਧਮਕੀਆਂ ਤੋਂ ਬਾਅਦ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਅਮਰਗੜ੍ਹ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ | ਪੁਲਿਸ ਮੁਤਾਬਕ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਸੈੱਲ ਦੀ ਮਦਦ ਵੀ ਲਈ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਧਮਕੀ ਭਰੀ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਗਈ ਸੀ | ਸਕੂਲਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਮਰਗੜ੍ਹ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ |