14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖ਼ਾਤਮੇ ਲਈ ਆਪਣਾ ਯੋਗਦਾਨ ਪਾਵੇ- ਅਮਨ ਅਰੋੜਾ

ਅਜੀਤ ਡੈਸਕ 05-06-2026
ਸੁਨਾਮ ਊਧਮ ਸਿੰਘ ਵਾਲਾ, 4 ਜੂਨ (ਸੱਗੂ, ਭੁੱਲਰ, ਧਾਲੀਵਾਲ) - ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਕਾਲਜ ਦੇ ਆਡੀਟੋਰੀਅਮ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਹਾਜ਼ਰੀਨ ਨੂੰ ਇਸ ਸਮਾਜਿਕ ਬੁਰਾਈ ਦੇ ਖ਼ਿਲਾਫ਼ ਡਟ ਕੇ ਲੜਨ ਲਈ ਪ੍ਰੇਰਿਤ ਕੀਤਾ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ | ਇਸ ਦੇ ਨਾਲ ਹੀ ਨਸ਼ਿਆਂ ਦੀ ਤਸਕਰੀ ਰਾਹੀਂ ਬਣਾਈਆਂ ਗਈਆਂ ਨਾਜਾਇਜ਼ ਜਾਇਦਾਦਾਂ ਖ਼ਿਲਾਫ਼ ਵੀ ਵੱਡੇ ਪੱਧਰ 'ਤੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ, ਨੌਜਵਾਨ, ਸਮਾਜ ਸੇਵੀ ਸੰਸਥਾਵਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਨਸ਼ਿਆਂ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ | ਅਮਨ ਅਰੋੜਾ ਨੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ | ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਮੌਕੇ ਮੀਡੀਆ ਵਲੋਂ ਪ੍ਰਾਈਵੇਟ ਸਕੂਲਾਂ ਦੇ ਫ਼ੀਸ ਢਾਂਚੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਹਰ ਇੱਕ ਬੱਚੇ ਦਾ ਬੁਨਿਆਦੀ ਅਧਿਕਾਰ ਹੈ ਅਤੇ ਸਿੱਖਿਆ ਦੇ ਨਾਂ 'ਤੇ ਕਿਸੇ ਦੀ ਵੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੀਟਿੰਗ ਦੌਰਾਨ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੇ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸੰਦੀਪ ਸਿੰਘ ਦੁਗਾ ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਦੀ ਅਗਵਾਈ 'ਚ ਲੋਕਾਂ ਤੋਂ ਰਿਵਿਊ ਲਿਆ ਗਿਆ ਕਿ ਇਸ ਮੁਹਿੰਮ ਦੇ ਕੀ ਅਸਰ ਹਨ | ਸੰਦੀਪ ਦੁੱਗਾ ਨੇ ਭਰੋਸਾ ਦਵਾਇਆ ਕਿ ਉਹ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀ ਨਾਲ ਸੁਚੱਜਾ ਤਾਲਮੇਲ ਕਰਕੇ ਨਸ਼ਿਆਂ ਦੇ ਖ਼ਾਤਮੇ ਲਈ ਡਟ ਕੇ ਕੰਮ ਕਰਨਗੇ | ਇਸ ਮੌਕੇ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ, ਡੀ.ਐਸ.ਪੀ. ਹਰਵਿੰਦਰ ਸਿੰਘ, ਈ.ਓ. ਬਾਲ ਕਿ੍ਸ਼ਨ, ਬੀਰਬਲ ਸਿੰਘ ਚੀਮਾ ਹਲਕਾ ਕੋਆਰਡੀਨੇਟਰ, ਸ਼ਸ਼ੀ ਕੁਮਾਰ ਹਲਕਾ ਵਾਇਸ ਕੋਆਰਡੀਨੇਟਰ, ਮਨਪ੍ਰੀਤ ਸ਼ੇਰੋਂ ਹਲਕਾ ਵਾਈਸ ਕੋਆਰਡੀਨੇਟਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ ਸਰਪੰਚ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਅਤੇ ਨਵੇਂ ਚੁਣੇ ਕੌਂਸਲਰ ਹਾਜ਼ਰ ਸਨ | ਇਸ ਮੌਕੇ ਮੰਚ ਸੰਚਾਲਨ ਮਨੀ ਸਰਾਓ ਨੇ ਕੀਤਾ |
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਘਰੋਂ ਭਜਾ ਕੇ ਲੈ ਜਾਣ ਦੇ ਦੋਸ਼ਾਂ 'ਚੋਂ ਬਰੀ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ 'ਚ ਵੀ ਸਿੱਖਿਆ ਅਧਿਕਾਰੀਆਂ ਦੇ ਤਬਾਦਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।