ਅਮਰਗੜ੍ਹ, 4 ਜੂਨ (ਜਤਿੰਦਰ ਮੰਨਵੀ) - ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਨੇ ਇੱਕ ਵਿਅਕਤੀ ਨੂੰ 12 ਗ੍ਰਾਮ ਨਸ਼ੀਲੇ ਪਾਊਡਰ ਚਿੱਟੇ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਪੁਲਿਸ ਪਾਰਟੀ ਨਾਲ ਮਲੇਰਕੋਟਲਾ-ਧੂਰੀ ਰੋਡ 'ਤੇ ਸਥਿਤ ਪਿੰਡ ਸੰਗਾਲਾ ਦੇ ਬੱਸ ਸਟੈਂਡ ਕੋਲ ਮੌਜੂਦ ਸੀ | ਇਸੇ ਦੌਰਾਨ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਜਿਸ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਮੁਹੰਮਦਗੜ੍ਹ ਨੇੜੇ ਡਰੇਨ ਦੇ ਪੁਲ 'ਤੇ ਨਾਕਾਬੰਦੀ ਕੀਤੀ ਅਤੇ ਚੈਕਿੰਗ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 12 ਗ੍ਰਾਮ ਚਿੱਟਾ ਬਰਾਮਦ ਹੋਇਆ | ਅਮਰਗੜ੍ਹ ਪੁਲਿਸ ਨੇ ਕਥਿਤ ਦੋਸ਼ੀ ਸਤਵਿੰਦਰ ਸਿੰਘ ਵਾਸੀ ਸੰਗਾਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ |