ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਅਕਬਰਪੁਰ ਦੀ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ
ਅਜੀਤ ਡੈਸਕ
05-06-2026
ਸੁਨਾਮ ਊਧਮ ਸਿੰਘ ਵਾਲਾ, ਭਵਾਨੀਗੜ੍ਹ, 4 ਜੂਨ (ਭੁੱਲਰ, ਧਾਲੀਵਾਲ, ਰਣਧੀਰ ਸਿੰਘ, ਲਖਵਿੰਦਰ ਪਾਲ ਗਰਗ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕਾ ਸੁਨਾਮ ਦੇ ਪਿੰਡ ਅਕਬਰਪੁਰ ਵਿਖੇ ਘੱਗਰ ਬ੍ਰਾਂਚ ਨਹਿਰ 'ਚੋਂ 02.25 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਮੋਘਾ ਲਗਾਉਣ ਅਤੇ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਪਿੰਡ ਅਕਬਰਪੁਰ ਦੀ 789 ਏਕੜ ਖੇਤੀਯੋਗ ਜ਼ਮੀਨ ਨੂੰ ਪਹਿਲੀ ਵਾਰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਕਰੀਬ 250 ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚੇਗਾ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀ ਦੇ ਸਰੋਤਾਂ ਦੀ ਸੰਭਾਲ ਅਤੇ ਕਿਸਾਨਾਂ ਨੂੰ ਲੋੜੀਂਦੀਆਂ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਅਮਨ ਅਰੋੜਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਦੀ ਗੱਲ ਹੈ ਕਿ ਪਿੰਡ ਅਕਬਰਪੁਰ ਘੱਗਰ ਬ੍ਰਾਂਚ ਨਹਿਰ ਦੇ ਬਿਲਕੁਲ ਨੇੜੇ ਸਥਿਤ ਹੋਣ ਦੇ ਬਾਵਜੂਦ ਵੀ ਇੱਥੋਂ ਦੇ ਕਿਸਾਨਾਂ ਨੂੰ ਨਹਿਰ ਦਾ ਪਾਣੀ ਨਹੀਂ ਮਿਲ ਰਿਹਾ ਸੀ | ਪਿੰਡ ਵਾਸੀਆਂ ਨੇ ਇਹ ਮੰਗ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਸੀ, ਜਿਸ ਤੋਂ ਬਾਅਦ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾ ਕੇ ਅੱਜ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਸਿੰਚਾਈ ਲਾਗਤ ਘਟੇਗੀ, ਭੂਮੀਗਤ ਪਾਣੀ 'ਤੇ ਨਿਰਭਰਤਾ ਘਟੇਗੀ ਅਤੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ |