ਸ਼ੇਰਪੁਰ, 5 ਜੂਨ (ਦਰਸ਼ਨ ਸਿੰਘ ਖੇੜੀ) - ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਸਹਿਕਾਰੀ ਬੈਂਕਾਂ ਦੇ ਮਿਆਦੀ ਹੱਦ ਕਰਜੇ ਵਧਾਉਣ ਦਾ ਐਲਾਨ ਕਰਨ ਦੇ ਫ਼ੈਸਲੇ ਨੂੰ ਮਨਜ਼ੂਰੀ ਦੇਣਾ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ, ਜੋ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਰੋਸ ਮੁਜ਼ਾਹਰਿਆਂ ਦਾ ਨਤੀਜਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਭਾਰਤੀ ਕਿਸਾਨ ਯੂਨੀਅਨ ਡਕੌਦਾ (ਬੁਰਜਗਿੱਲ) ਦੇ ਜ਼ਿਲ੍ਹਾ ਸੰਗਰੂਰ ਤੋਂ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਈਸਾਪੁਰ ਨੇ ਕਰਦੇ ਹੋਏ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਫ਼ੈਸਲੇ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਲਾਗੂ ਕੀਤਾ ਜਾਵੇ | ਉਨ੍ਹਾਂ ਅੱਗੇ ਕਿਹਾ ਕਿ ਫ਼ਸਲਾਂ ਦਾ ਘੱਟ ਝਾੜ, ਡੀਜ਼ਲ, ਕੀਟਨਾਸ਼ਕਾਂ ਅਤੇ ਖਾਦਾਂ ਦੇ ਰੇਟ ਵਿੱਚ ਤੇਜ਼ੀ ਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਕਰਕੇ ਕਿਸਾਨਾਂ ਦੀ ਆਰਥਿਕ ਹਾਲਤਾਂ ਦੇ ਮੱਦੇਨਜ਼ਰ ਕਿਸਾਨਾਂ ਦੇ ਮਿਆਦੀ ਹੱਦ ਕਰਕੇ ਨੂੰ ਵਧਾਉਣ ਦੀ ਲੋੜ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ | ਕਿਸਾਨ ਆਗੂ ਈਸਾਪੁਰ ਨੇ ਕਿਹਾ ਕਿ ਸਰਕਾਰ ਇਸ ਐਲਾਨ ਨੂੰ ਤੁਰੰਤ ਲਾਗੂ ਕਰੇ ਤਾਂ ਜੋ ਕਿਸਾਨ ਇਸ ਦਾ ਲਾਭ ਉਠਾ ਸਕਣ | ਉਨ੍ਹਾਂ ਕਿਹਾ ਕਿ ਜੇਕਰ ਇਸ ਫ਼ੈਸਲੇ ਨੂੰ ਲਾਗੂ ਕਰਨ ਵਿੱਚ ਦੇਰੀ ਹੁੰਦੀ ਹੈ ਤਾਂ ਮਜਬੂਰਨ ਕਿਸਾਨ ਜਥੇਬੰਦੀਆਂ ਨੂੰ ਸੰਘਰਸ਼ ਵਿੱਢਣਾ ਪਵੇਗਾ |