ਸ਼ੇਰਪੁਰ, 7 ਜੂਨ (ਮੇਘ ਰਾਜ ਜੋਸ਼ੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਨਾਜ਼ਰ ਸਿੰਘ ਠੁੱਲੀਵਾਲ ਦੀ ਅਗਵਾਈ ਹੇਠ ਪਿੰਡ ਫ਼ਤਿਹਗੜ੍ਹ ਪੰਜਗਰਾਈਆਂ ਵਿਖੇ ਕਿਸਾਨਾਂ ਅਤੇ ਹੋਰ ਜਥੇਬੰਦੀ ਦੇ ਕਾਰਕੁਨਾਂ ਵੱਲੋਂ ਪਟਿਆਲਾ ਵਿੱਚ ਅਪਰੈਂਟਿਸ ਲਾਈਨਮੈਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੁਤਲਾ ਫੂਕਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਆਪਣੀਆਂ ਜਾਇਜ਼ ਮੰਗਾਂ, ਖ਼ਾਸ ਕਰਕੇ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਅਪਰੈਂਟਿਸ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਲੋਕਤੰਤਰੀ ਹੱਕਾਂ ਦਾ ਘੋਰ ਉਲੰਘਣ ਹੈ | ਉਨ੍ਹਾਂ ਕਿਹਾ ਕਿ ਆਪਣੀ ਰੋਜ਼ੀ-ਰੋਟੀ ਅਤੇ ਭਵਿੱਖ ਦੀ ਸੁਰੱਖਿਆ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ 'ਤੇ ਜ਼ਬਰ ਕਰਨਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ | ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਹਰ ਉਸ ਸੰਘਰਸ਼ ਦੇ ਨਾਲ ਖੜ੍ਹੀ ਹੈ ਜੋ ਮਜ਼ਦੂਰਾਂ, ਮੁਲਾਜ਼ਮਾਂ ਅਤੇ ਕਿਸਾਨਾਂ ਦੇ ਹੱਕਾਂ ਲਈ ਲੜਿਆ ਜਾ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਅਪਰੈਂਟਿਸ ਲਾਈਨਮੈਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ | ਇਸ ਮੌਕੇ ਮਲਕੀਤ ਸਿੰਘ, ਨਿਰਮਲ ਸਿੰਘ ਗੰਡੇਵਾਲ, ਕਿਸਾਨ ਆਗੂ ਜਗਦੇਵ ਸਿੰਘ ਬਦੇਸਾ, ਨੰਬਰਦਾਰ ਅਜੀਤਪਾਲ ਸਿੰਘ ਫ਼ਤਿਹਗੜ੍ਹ ਪੰਜਗਰਾਈਆਂ, ਭਰਪੂਰ ਸਿੰਘ, ਅਮਰਜੀਤ ਸਿੰਘ, ਸੁਰਜੀਤ ਸਿੰਘ ਬਦੇਸ਼ਾ, ਬਲਰਾਜ ਸਿੰਘ, ਇਕਾਈ ਪ੍ਰਧਾਨ ਚੰਦ ਸਿੰਘ ਫ਼ਤਿਹਗੜ੍ਹ ਪੰਜਗਰਾਈਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ, ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ |