ਸੰਗਰੂਰ, 7 ਜੂਨ (ਧੀਰਜ਼ ਪਸ਼ੌਰੀਆ) ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ, ਜੋ ਕਿ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਵੀ ਪ੍ਰਧਾਨ ਹਨ, ਨੇ ਪਟਿਆਲਾ ਵਿਖੇ ਪੀ.ਐਸ.ਪੀ.ਸੀ.ਐਲ (ਪਾਵਰਕਾਮ) ਦੇ ਮੁੱਖ ਦਫ਼ਤਰ ਅੱਗੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ 2,600 ਅਪ੍ਰੈਟਿਸ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਬੇਰਹਿਮ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਅਖੌਤੀ ਬਦਲਾਅ ਦੇ ਦਾਅਵਿਆਂ ਦੀ ਪੂਰੀ ਤਰ੍ਹਾਂ ਫੂਕ ਨਿਕਲ ਚੁੱਕੀ ਹੈ | ਰੁਜ਼ਗਾਰ ਦੇ ਚੋਣ ਵਾਅਦੇ ਪੂਰੇ ਕਰਨ ਦੀ ਬਜਾਏ ਮਾਨ ਸਰਕਾਰ ਨੇ ਆਪਣੇ ਹੱਕ ਮੰਗ ਰਹੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਦੀ ਪੁਲਿਸ ਦੀ ਲਾਠੀ ਦੇ ਜੋਰ ਨਾਲ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਿਸ ਨੂੰ ਕਦੇ ਬਰਦਾਸ਼ਤ ਨਹੀ ਕੀਤਾ ਜਾਵੇਗਾ | ਸ੍ਰੀ ਅਰੋੜਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦਾ ਰਹਿੰਦਾ ਡੀਏ 2.59 ਦਾ ਗੁਣਾਂਕ ਮੈਡੀਕਲ ਭੱਤੇ 'ਚ ਵਾਧਾ ਵਗੈਰਾ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਮੁਲਾਜਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦਾ ਹਰ ਤਰ੍ਹਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਤਿੱਖੇ ਸੰਘਰਸ਼ ਕੀਤੇ ਜਾਣਗੇ | ਸੂਬਾਈ ਪੈਨਸ਼ਨਰ ਆਗੂ ਸ੍ਰੀ ਅਰੋੜਾ ਨੇ ਇਹ ਵੀ ਦੱਸਿਆ ਕਿ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੀ ਇੱਕ ਅਹਿਮ ਮੀਟਿੰਗ 12 ਜੂਨ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਰੱਖੀ ਗਈ ਹੈ ਅਤੇ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵੱਲੋਂ ਸੂਬਾ ਪੱਧਰੀ ਕਨਵੈੱਨਸ਼ਨ 17 ਜੂਨ ਨੂੰ ਦੇਸ਼ ਭਗਤ ਹਾਲ ਜਲੰਧਰ ਵਿਖੇ ਸੱਦੀ ਗਈ ਹੈ | ਜਿਸ ਵਿੱਚ ਮੰਗਾਂ ਅਤੇ ਮੌਜੂਦਾ ਸਥਿਤੀ ਤੇ ਵਿਚਾਰ ਕਰ ਕੇ ਅਗਲੇ ਸੰਘਰਸ਼ ਉਲੀਕੇ ਜਾਣਗੇ |