ਸੰਗਰੂਰ, 9 ਜੂਨ (ਧੀਰਜ ਪਸ਼ੌਰੀਆ) - ਮਹਿੰਗਾਈ ਦੀ ਭਾਰ ਚੱਲ ਰਹੇ ਲੋਕਾਂ ਉੱਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਗਾਤਾਰ ਭਾਰ ਪਾਇਆ ਜਾ ਰਿਹਾ ਹੈ | ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੇ ਲੋਕਾਂ 'ਤੇ ਪਾਏ ਜਾ ਰਹੇ ਭਾਰ ਨੂੰ ਹੋਰ ਵਧਾਇਆ ਹੈ | ਇਹ ਪ੍ਰਗਟਾਵਾ ਕਰਦਿਆਂ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਹੈ ਕਿ ਕੇਂਦਰ ਦੀ ਇਸ ਮੋਦੀ ਸਰਕਾਰ ਨੇ ਤਿੰਨ ਮਹੀਨਿਆਂ 'ਚ ਹੀ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ 89 ਰੁਪਏ ਦਾ ਵਾਧਾ ਕੀਤਾ ਹੈ, ਜਿੱਥੇ ਸੰਗਰੂਰ ਵਿਚ ਇਸ ਗੈਸ ਸਿਲੰਡਰ ਦੀ ਕੀਮਤ ਹੁਣ 963 ਰੁਪਏ ਹੋ ਗਈ ਹੈ, ਉੱਥੇ ਦੇਸ਼ ਦੇ ਕਈ ਹਿੱਸਿਆਂ ਵਿਚ ਗੈਸ ਸਲੰਡਰ ਦੀ ਕੀਮਤ 1000 ਨੂੰ ਵੀ ਪਾਰ ਕਰ ਗਈ ਹੈ | ਉਨ੍ਹਾਂ ਕਿਹਾ ਕਿ 2014 ਕੇਂਦਰ 'ਚ ਭਾਜਪਾ ਦੀ ਸਰਕਾਰ ਆਉਣ ਤੋਂ ਪਹਿਲਾਂ ਇਹੀ ਗੈਸ ਸਿਲੰਡਰ 410 ਰੁਪਏ ਵਿਚ ਲੋਕਾਂ ਦੇ ਘਰਾਂ ਵਿਚ ਪਹੁੰਚ ਰਿਹਾ ਸੀ, ਪਰ ਹੁਣ ਤਾਂ ਇਸ ਸਿਲੰਡਰ ਦੀ ਕੀਮਤ 1000 ਰੁਪਏ ਦੇ ਨੇੜੇ ਪਹੁੰਚ ਚੁੱਕੀ ਹੈ! ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨੇ ਦੇਸ਼ ਭਰ ਦੇ ਆਮ ਨਾਗਰਿਕਾਂ ਦੀ ਜ਼ਿੰਦਗੀ ਨੂੰ ਮੁਸ਼ਕਿਲ ਬਣਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹਨ | ਰਸੋਈ ਗੈਸ ਦੀਆਂ ਕੀਮਤਾਂ 'ਚ ਹੋਏ ਇਸ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ | ਵਿਧਾਇਕਾ ਭਰਾਜ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਇਸ ਵਾਧੇ ਨੂੰ ਤੁਰੰਤ ਵਾਪਸ ਲਵੇ |