ਸੰਗਰੂਰ, 9 ਜੂਨ( ਧੀਰਜ ਪਸੋਰੀਆ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ Tਯੁੱਧ ਨਸ਼ਿਆਂ ਵਿਰੁੱਧU ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਸ੍ਰੀ ਕਾਲਾ ਮਾਤਾ ਮੰਦਰ ਦੇ ਹਾਲ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ | ਵਿਧਾਇਕਾ ਭਰਾਜ ਨੇ ਦੱਸਿਆ ਕਿ ਨਸ਼ਿਆਂ ਦੀ ਖ਼ਾਤਮੇ ਹਿਤ ਇੱਕ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਲੈਣ ਲਈ ਪਿੰਡਾਂ ਤੇ ਸ਼ਹਿਰਾਂ ਲਈ ਈ-ਰਿਕਸ਼ਾ ਚਲਾਏ ਗਏ ਹਨ | ਇਸ ਤਹਿਤ ਸੰਗਰੂਰ ਵਿਖੇ 155 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਤੇ ਇਨ੍ਹਾਂ ਵਿੱਚੋਂ ਤਫ਼ਤੀਸ਼ ਉਪਰੰਤ 22 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਜਾਵੇ | ਮੀਟਿੰਗ ਦੌਰਾਨ ਹਾਜ਼ਰੀਨ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ ਗਏ | ਇਸ ਮੌਕੇ ਐਸ.ਡੀ.ਐਮ. ਸੰਗਰੂਰ ਸਤੀਸ਼ ਚੰਦਰ, ਐਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਸਰਪੰਚ, ਪੰਚ, ਡਿਫੈਂਸ ਕਮੇਟੀਆਂ ਦੇ ਮੈਂਬਰ, ਸਮਾਜਿਕ ਆਗੂ ਅਤੇ ਪਤਵੰਤੇ ਮੌਜੂਦ ਸਨ |