ਛਾਜਲੀ, 9 ਜੂਨ (ਅਜਾਇਬ ਸਿੰਘ ਨੀਲੋਵਾਲ) - ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ ਜੈ ਸਿੰਘ ਵਾਲਾ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਅੱਜ ਸੂਬਾ ਪ੍ਰਧਾਨ ਕਮਲ ਅਡਾਕਰ ਦੀ ਅਗਵਾਈ ਹੇਠ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ 'ਚ ਵਿੱਤ ਮੰਤਰੀ ਚੀਮਾ ਖ਼ਿਲਾਫ਼ ਭੰਡੀ ਪ੍ਰਚਾਰ ਮੁਹਿੰਮ ਚਲਾਈ ਗਈ | ਇਸ ਮੁਹਿੰਮ 'ਚ ਅਧਿਆਪਕਾਂ ਨੇ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਦਿਆਂ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਸਰਕਾਰ ਵਲੋਂ ਕੀਤੇ ਵਾਅਦਿਆਂ ਅਤੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਮੁਹਿੰਮ ਦੀ ਸ਼ੁਰੂਆਤ ਪਿੰਡ ਛਾਜਲਾ ਤੋਂ ਕੀਤੀ ਗਈ, ਜਿੱਥੋਂ ਅਧਿਆਪਕਾਂ ਅਤੇ ਕਿਸਾਨ ਆਗੂਆਂ ਦੇ ਕਾਫ਼ਲੇ ਨੇ ਹਲਕਾ ਦਿੜ੍ਹਬਾ ਦੇ ਕਈ ਪਿੰਡਾਂ ਵਿੱਚ ਪਹੁੰਚ ਕੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਦੌਰਾਨ ਆਗੂਆਂ ਨੇ ਦੋਸ਼ ਲਗਾਇਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਲੋਕਾਂ, ਬੇਰੁਜ਼ਗਾਰ ਨੌਜਵਾਨਾਂ, ਕਿਸਾਨਾਂ ਅਤੇ ਮੁਲਾਜ਼ਮ ਵਰਗ ਨਾਲ ਕੀਤੇ ਗਏ ਅਨੇਕਾਂ ਵਾਅਦੇ ਅੱਜ ਤੱਕ ਪੂਰੇ ਨਹੀਂ ਹੋਏ | ਸੂਬਾ ਪ੍ਰਧਾਨ ਕਮਲ ਠਾਕੁਰ ਨੇ ਕਿਹਾ ਕਿ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਿਛਲੇ ਕਈ ਸਾਲਾਂ ਤੋਂ ਨਿਯੁਕਤੀਆਂ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਦੱਸਿਆ ਕਿ ਕਰੀਬ 180 ਅਧਿਆਪਕ ਪਰਿਵਾਰ ਇਸ ਅੰਦੋਲਨ ਨਾਲ ਜੁੜੇ ਹੋਏ ਹਨ ਅਤੇ ਆਪਣੇ ਹੱਕਾਂ ਲਈ ਡਟੇ ਹੋਏ ਹਨ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਦਰਬਾਰਾ ਸਿੰਘ , ਪਾਲ ਸਿੰਘ, ਗੁਰਮੀਤ ਸਿੰਘ, ਰਾਮਸਰ ਸਿੰਘ ਅਤੇ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀ ਅਧਿਆਪਕਾਂ ਦੇ ਹੱਕੀ ਸੰਘਰਸ਼ ਦੀ ਹਮਾਇਤ ਕਰਦੀ ਹੈ | ਇਸ ਮੌਕੇ ਸੂਬਾ ਜਨਰਲ ਸਕੱਤਰ ਸੋਹਣ ਸਿੰਘ ਬਰਨਾਲਾ, ਸੀਨੀਅਰ ਮੀਤ ਪ੍ਰਧਾਨ ਗੁਰਮੁਖ ਸਿੰਘ ਪਟਿਆਲਾ, ਗੁਰਪ੍ਰੀਤ ਸਿੰਘ ਪਟਿਆਲਾ, ਗੁਰਮੁਖ ਸਿੰਘ ਸਿਰਸਾ ਸਮੇਤ ਵੱਡੀ ਗਿਣਤੀ 'ਚ ਅਧਿਆਪਕ, ਅਧਿਆਪਕ ਪਰਿਵਾਰ ਅਤੇ ਕਿਸਾਨ ਆਗੂ ਹਾਜ਼ਰ ਸਨ | ਮੁਹਿੰਮ ਦੌਰਾਨ ਲੋਕਾਂ ਵੱਲੋਂ ਵੀ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਗਈ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਜਾਇਜ਼ ਕਰਾਰ ਦਿੱਤਾ ਗਿਆ |