ਮਲੇਰਕੋਟਲਾ, 11 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ 'ਰੰਗਲਾ ਪੰਜਾਬ' ਤਹਿਤ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਫ਼ੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ | ਉਨ੍ਹਾਂ ਕਿਹਾ ਕਿ ਪੰਜਾਬ ਨਿਰਮਾਣ ਅਤੇ ਰੰਗਲਾ ਪੰਜਾਬ ਸਕੀਮ ਤਹਿਤ ਮੁਕੰਮਲ ਹੋਏ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ (ਯੂਟੀਲਾਈਜ਼ੇਸ਼ਨ ਸਰਟੀਫਿਕੇਟ) ਬਿਨਾਂ ਕਿਸੇ ਦੇਰੀ ਤੋਂ ਜਮ੍ਹਾ ਕਰਵਾਏ ਜਾਣ | ਤਿੜਕੇ ਨੇ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਿਤ ਮਾਪਦੰਡਾਂ ਤੇ ਤਕਨੀਕੀ ਵਿਸ਼ੇਸ਼ਤਾਵਾਂ ਅਨੁਸਾਰ ਕਰਵਾਏ ਜਾਣ ਅਤੇ ਮੌਕੇ 'ਤੇ ਨਿਯਮਤ ਨਿਗਰਾਨੀ ਰੱਖੀ ਜਾਵੇ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਅਸਲ ਲਾਭ ਆਮ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ ਅਤੇ ਹਰ ਪ੍ਰਾਜੈਕਟ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਰੰਗਲਾ ਪੰਜਾਬ' ਮਿਸ਼ਨ ਦਾ ਮੁੱਖ ਉਦੇਸ਼ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ | ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ 'ਤੇ ਮੁਕੰਮਲ ਕਰਨ ਲਈ ਕਿਹਾ | ਮੀਟਿੰਗ ਵਿਚ ਸਹਾਇਕ ਖੋਜ ਅਫ਼ਸਰ ਗੁਰਵਿੰਦਰ ਕੌਰ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ, ਬੀ. ਡੀ. ਪੀ. ਓ. ਬਬਲਜੀਤ ਕੌਰ, ਐਕਸ਼ੀਅਨ (ਪੀ. ਐਸ. ਪੀ. ਸੀ. ਐਲ.) ਇੰਜੀ ਹਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ |