ਮਲੇਰਕੋਟਲਾ, 11 ਜੂਨ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ)-ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ ਚੈਪਟਰ ਮਲੇਰਕੋਟਲਾ ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਸਜੀਵ ਸੂਦ ਦੇ ਦਿਸ਼ਾ ਨਿਰਦੇਸ਼ਾਂ ਤੇ ਚੈਪਟਰ ਪ੍ਰਧਾਨ ਅਮਰ ਗੁਪਤਾ ਦੀ ਅਗਵਾਈ ਹੇਠ ਮਲੇਰਕੋਟਲਾ ਧੂਰੀ ਰੋਡ 'ਤੇ ਸਥਿਤ ਰਟੋਲਾਂ ਫੋਕਲ ਪੁਆਇੰਟ ਵਿਖੇ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਬਲਾਕੇਜ ਦੀ ਗੰਭੀਰ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੂੰ ਮੰਗ-ਪੱਤਰ ਦਿੱਤਾ ਗਿਆ | ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਰਟੋਲਾਂ ਫੋਕਲ ਪੁਆਇੰਟ ਖੇਤਰ ਵਿੱਚ ਸੀਵਰੇਜ ਸਿਸਟਮ ਦੇ ਵਾਰ-ਵਾਰ ਬੰਦ ਹੋਣ ਕਾਰਨ ਉਦਯੋਗਾਂ, ਵਪਾਰਕ ਅਦਾਰਿਆਂ ਅਤੇ ਸਥਾਨਕ ਨਿਵਾਸੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੜਕਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਸੀਵਰੇਜ ਦਾ ਪਾਣੀ ਡਿੱਗਣ ਨਾਲ ਨਾ ਸਿਰਫ਼ ਆਵਾਜਾਈ ਵਿਚ ਵਿਘਨ ਪੈ ਰਿਹਾ ਹੈ ਬਲਕਿ ਸਿਹਤ ਸਮੱਸਿਆਵਾਂ ਦਾ ਖ਼ਤਰਾ ਵੀ ਪੈਦਾ ਹੋ ਰਿਹਾ ਹੈ | ਵਫ਼ਦ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਸਮੱਸਿਆ ਦਾ ਸਥਾਈ ਹੱਲ ਤੁਰੰਤ ਯਕੀਨੀ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਉਦਯੋਗਪਤੀਆਂ ਤੇ ਆਮ ਲੋਕਾਂ ਨੂੰ ਭਵਿੱਖ ਵਿਚ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ | ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੰਬੰਧਿਤ ਵਿਭਾਗਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਤੇ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ | ਵਫ਼ਦ ਵਿਚ ਵਿੱਤ ਸਕੱਤਰ ਡਿੰਪਲ ਗਰਗ, ਆਨਰੇਰੀ ਸਕੱਤਰ ਰਾਜੀਵ ਮਲਹੋਤਰਾ, ਵਿੱਤ ਸਕੱਤਰ ਪੁਨੀਤ ਢੀਂਗਰਾ ਅਤੇ ਲੋਕ ਸੰਪਰਕ ਅਧਿਕਾਰੀ (ਪੀ. ਆਰ. ਓ.) ਗਗਨ ਜੈਨ ਵੀ ਸ਼ਾਮਿਲ ਸਨ |