ਅਮਰਗੜ੍ਹ, 16 ਜੂਨ (ਪਵਿੱਤਰ ਸਿੰਘ) - ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਉਦੇਸ਼ ਨਾਲ ਅਮਰਗੜ੍ਹ ਵਿਖੇ ਵਿਸ਼ੇਸ਼ ਵਪਾਰਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਅਸ਼ਵਨੀ ਕੁਮਾਰ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਜਾਇਜ਼ ਮੰਗਾਂ ਦਾ ਮੌਕੇ 'ਤੇ ਹੀ ਹੱਲ ਕੀਤਾ | ਅਸ਼ਵਨੀ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰਕ ਭਾਈਚਾਰੇ ਲਈ ਸੁਖਾਵਾਂ ਅਤੇ ਵਪਾਰ-ਅਨੁਕੂਲ ਮਾਹੌਲ ਸਿਰਜਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਦੌਰਾਨ ਡੀ.ਐਸ.ਪੀ. ਸੰਜੀਵ ਕਪੂਰ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵਪਾਰੀਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮੁੱਖ ਬਾਜ਼ਾਰਾਂ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਨਿਯਮਤ ਗਸ਼ਤ, ਨਿਗਰਾਨੀ ਅਤੇ ਟਰੈਫ਼ਿਕ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਵਪਾਰੀਆਂ ਨੂੰ ਆਪਣੇ ਕਾਰੋਬਾਰੀ ਅਦਾਰਿਆਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਕਾਰਜਸ਼ੀਲ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ | ਮੀਟਿੰਗ ਦੌਰਾਨ ਵਪਾਰੀਆਂ ਨੇ ਟਰੈਫ਼ਿਕ, ਸਫ਼ਾਈ, ਬਿਜਲੀ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਿਤ ਮੁੱਦੇ ਉਠਾਏ, ਜਿਨ੍ਹਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿਵਾਇਆ | ਇਸ ਮੌਕੇ ਇੰਸਪੈਕਟਰ ਬਲਜੀਤ ਸਿੰਘ ਮੁੱਖ ਅਫ਼ਸਰ ਥਾਣਾ ਅਮਰਗੜ੍ਹ, ਪਰਮਜੀਤ ਸਿੰਘ ਆੜ੍ਹਤੀ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਅਮਰਗੜ੍ਹ, ਅਰੁਣ ਕੁਮਾਰ, ਮਨੋਜ ਕੁਮਾਰ, ਡਾ. ਕਿਰਨ ਕੁਮਾਰ ਮੋਨਾ ਤੋਂ ਇਲਾਵਾ ਵੱਡੀ ਗਿਣਤੀ 'ਚ ਦੁਕਾਨਦਾਰ ਉਥੇ ਵਪਾਰੀ ਹਾਜ਼ਰ ਸਨ |