ਸੰਦੌੜ, 17 ਜੂਨ (ਜਸਵੀਰ ਸਿੰਘ ਜੱਸੀ) - ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਸੰਦੌੜ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਨਾਲ ਰੂਬਰੂ ਹੁੰਦੇ ਹੋਏ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਵਿਕਾਸ ਕਾਰਜ ਕਰਵਾਉਣਾ ਹੀ ਨਹੀਂ, ਸਗੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਵੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਜਨਤਾ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਯਤਨਸ਼ੀਲ ਰਹਿਣਗੇ। ਲੋਕ ਮਿਲਣੀ ਦੌਰਾਨ ਇਲਾਕੇ ਦੇ ਵਸਨੀਕਾਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਡਾ. ਜਮੀਲ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸਰਪੰਚ ਗ੍ਰਾਮ ਪੰਚਾਇਤ, ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵਿਕਾਸ ਦੀ ਇਸ ਲਹਿਰ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ।
ਲੋਕਾਂ ਦੀ ਸੇਵਾ ਹੀ ਮੇਰੀ ਸਭ ਤੋਂ ਵੱਡੀ ਪੂੰਜੀ - ਵਿਧਾਇਕ ਰਹਿਮਾਨ
ਅਜੀਤ ਡੈਸਕ
18-06-2026