20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮਾਲੇਰਕੋਟਲਾ ਵਿਖੇ ਏ.ਡੀ.ਸੀ. ਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਟਰੇਡਰਜ਼ ਕਮਿਸ਼ਨ ਨਾਲ ਮੀਟਿੰਗ

ਅਜੀਤ ਡੈਸਕ 23-06-2026


ਮਾਲੇਰਕੋਟਲਾ, 23 ਜੂਨ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ, ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਾਲੇਰਕੋਟਲਾ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਤੁਰੰਤ ਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਤੇ ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਵਲੋਂ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹਫ਼ਤਾਵਾਰੀ ਸਮੀਖਿਆ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਵੀ ਹਾਜ਼ਰ ਰਹੇ । ਮੀਟਿੰਗ ਵਿਚ ਪੰਜਾਬ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜਮ ਦਾਰਾ, ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਚੇਅਰਮੈਨ ਇਮਤਿਆਜ਼ ਅਲੀ, ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਚੇਅਰਮੈਨ ਅਸ਼ਵਨੀ ਕੁਮਾਰ ਅਤੇ ਹੋਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ ਟਰੇਡਰਜ਼ ਕਮਿਸ਼ਨ ਵਲੋਂ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਮੰਗਾਂ ਦਾ ਨਿਪਟਾਰਾ ਪੂਰੀ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਲਈ ਵਪਾਰ-ਅਨੁਕੂਲ ਮਾਹੌਲ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਨਗਰ ਕੌਂਸਲ ਅਤੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਜ਼ਾਰਾਂ ਵਿੱਚ ਸਫ਼ਾਈ, ਬਿਜਲੀ ਦੀਆਂ ਤਾਰਾਂ, ਸਟਰਿਟ ਲਾਈਟਾਂ, ਨਾਲਿਆਂ ਦੀ ਡੀ-ਸਿਲਟਿੰਗ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਮਹਿਲਾਵਾਂ ਲਈ ਵੱਖਰੇ ਪਖਾਨਿਆਂ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐਸ.ਐਸ.ਪੀ. ਗੁਰਮੀਤ ਸਿੰਘ ਨੇ ਸ਼ਹਿਰ ਦੇ ਟਰੈਫਿਕ ਪ੍ਰਬੰਧਨ ਨੂੰ ਹੋਰ ਸੁਚਾਰੂ ਬਣਾਉਣ ਲਈ ਭੀੜ-ਭਾੜ ਵਾਲੇ ਬਾਜ਼ਾਰਾਂ ਵਿੱਚ ਵਨ-ਵੇ ਟਰੈਫਿਕ ਯੋਜਨਾ ਤਿਆਰ ਕਰਕੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜਮ ਦਾਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਵਿੱਚ ਐਸ.ਡੀ.ਐਮ. ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ. ਅਮਰਗੜ੍ਹ ਰਾਕੇਸ ਕੁਮਾਰ ਸ਼ਰਮਾ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਇੰਦਰਪਾਲ ਚੌਹਾਨ, ਡੀ.ਐਸ.ਪੀ. ਸੁਮਿਤ ਸੂਦ, ਡੀ.ਐਸ.ਪੀ. ਮਾਨਵਜੀਤ ਸਿੰਘ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ, ਅਸ਼ੀਸ਼ ਕੁਮਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

ਪਿਛਲੀ ਖ਼ਬਰ ਨਗਰ ਕੌਂਸਲ ਮਾਲੇਰਕੋਟਲਾ ਦੀ ਪ੍ਰਧਾਨਗੀ ਦੀ ਚੋਣ ਸ਼ਾਂਤੀਪੂਰਨ ਸੰਪੰਨ ਅਗਲੀ ਖ਼ਬਰ ਪੇਂਡੂ ਖੇਤਰਾਂ ’ਚ ਕੰਮ ਕਰਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।