05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮਲੇਰਕੋਟਲਾ ਵਿਖੇ ਬੀਬਾ ਨਿਸ਼ਾਂਤ ਅਖਤਰ ਦੀ ਅਗਵਾਈ ਹੇਠ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ

ਅਜੀਤ ਡੈਸਕ 01-07-2026
ਮਾਲੇਰਕੋਟਲਾ, 30 ਜੂਨ (ਮਨਜਿੰਦਰ ਸਿੰਘ ਸਰੌਦ) - ਕਾਂਗਰਸ ਪਾਰਟੀ ਦੀ ਹਾਈਕਮਾਂਡ ਦੇ ਸੱਦੇ ‘ਤੇ ਅੱਜ ਮਲੇਰਕੋਟਲਾ ਵਿਖੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਦੀ ਅਗਵਾਈ ਹੇਠ ‘ਨੀਟ ਪੇਪਰ ਲੀਕ’ ਮਾਮਲੇ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿੱਥੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਆਗੂ ਕੁਲਦੀਪ ਸਿੰਘ ਵੈਦ ਨੇ ਸ਼ਿਰਕਤ ਕੀਤੀ । ਕਾਂਗਰਸੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਦੇਸ਼ ਅੰਦਰ ਨੀਟ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਦੇ ਪੇਪਰਾਂ ਦਾ ਲੀਕ ਹੋ ਜਾਣਾ ਇੱਕ ਵੱਡੀ ਸਾਜਿਸ਼ ਦਾ ਹਿੱਸਾ ਹੈ ਜਿਸ ’ਚ ਭਾਜਪਾ ਦੇ ਕੇਂਦਰੀ ਆਗੂਆਂ ਵਲੋਂ ਦੇਸ਼ ਦੇ ਕੁਝ ਨਾਮੀ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੇ ਲਈ ਇਹ ਪੇਪਰ ਲੀਕ ਕੀਤੇ ਜਾ ਰਹੇ ਹਨ, ਜਿਸ ਦਾ ਸਿੱਧਾ ਨੁਕਸਾਨ ਸਾਡੇ ਦੇਸ਼ ਦੀ ਨੌਜਵਾਨੀ ਨੂੰ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਇਸ ਮਾਮਲੇ ਨੂੰ ਪੂਰੇ ਦੇਸ਼ ਅੰਦਰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਮੁਹਿੰਮ ਚਲਾਈ ਗਈ ਹੈ ਜਿਸ ਦੇ ਤਹਿਤ ਅੱਜ ਉਨ੍ਹਾਂ ਵੱਲੋਂ ਮਲੇਰਕੋਟਲਾ ਵਿਖੇ ਪਹੁੰਚ ਕੇ ਕਾਂਗਰਸੀ ਵਰਕਰਾਂ ਤੇ ਆਮ ਲੋਕਾਂ ਦੇ ਨਾਲ ਰਾਬਤਾ ਕੀਤਾ ਹੈ । ਉਨ੍ਹਾਂ ਆਖਿਆ ਕਿ ਜੇਕਰ ਇਹ ਪੇਪਰ ਇਸੇ ਤਰ੍ਹਾਂ ਲੀਕ ਹੁੰਦੇ ਰਹੇ ਤਾਂ ਦੇਸ਼ ਦਾ ਸਿੱਖਿਆ ਢਾਂਚਾ ਬੁਰੀ ਤਰ੍ਹਾਂ ਲੜਖੜਾ ਜਾਵੇਗਾ । ਸਾਬਕਾ ਵਿਧਾਇਕ ਵੈਦ ਨੇ ਮਨੁੰ ਸ਼ਮਿਰਤੀ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਸ ਨੂੰ ਸਿੱਖਿਆ ਦਾ ਹਿੱਸਾ ਨਹੀਂ ਬਣਾਉਣਾ ਚਾਹੀਦਾ । ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਪੰਜਾਬ ਦੇ ਅੰਦਰ ਵਾਪਰੀਆਂ ਘਟਨਾਵਾਂ ’ਚ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜੋ ਫ਼ੈਸਲਾ ਲਿਆ ਗਿਆ ਹੈ ਉਹ ਸ਼ਲਾਘਾਯੋਗ ਹੈ ਕਿਉਂਕਿ ਜਿਹੜਾ ਕਾਨੂੰਨ ਸੂਬਾ ਸਰਕਾਰ ਵੱਲੋਂ ਪਾਸ ਕੀਤਾ ਗਿਆ ਹੈ, ਉਹ ਸਿਆਸਤ ਤੋਂ ਪ੍ਰੇਰਿਤ ਹੈ । ਇਕੱਠ ਨੂੰ ਸੰਬੋਧਨ ਕਰਦਿਆਂ ਮਲੇਰਕੋਟਲਾ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਆਖਿਆ ਕਿ ਨੀਟ ਦੇ ਪੇਪਰ ਲੀਕ ਮਾਮਲੇ ਤੋਂ ਇਲਾਵਾ ਕਈ ਮਾਮਲਿਆਂ ’ਚ ਕੇਂਦਰ ਤੇ ਸੂਬਾ ਸਰਕਾਰਾਂ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀਆਂ ਹਨ । ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਇਸ ਮਾਮਲੇ ਨੂੰ ਲੈ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਕਿ ਦੇਸ਼ ਦੀ ਨੌਜਵਾਨੀ ਦਾ ਭਵਿੱਖ ਤਬਾਹ ਹੋਣ ਤੋਂ ਬਚ ਸਕੇ । ਹਲਕਾ ਅਮਰਗੜ੍ਹ ਤੋਂ ਕਾਂਗਰਸ ਦੇ ਸੀਨੀਅਰ ਆਗੂ ਚੇਅਰਮੈਨ ਗੁਰਜੋਤ ਸਿੰਘ ਢੀਡਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਲੋਂ ਦੇਸ਼ ਦੀ ਨੌਜਵਾਨੀ ਦੇ ਭਵਿੱਖ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਲਈ ਪਾਰਟੀ ਦਾ ਸਾਥ ਦਿੱਤਾ ਜਾਵੇ । ਇਸ ਮੌਕੇ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਭੂਦਨ, ਅਨਵਾਰ ਮਹਿਬੂਬ ਮੁੱਖ ਬੁਲਾਰਾ ਮਲੇਰਕੋਟਲਾ ਹਾਊਸ, ਸੀਨੀਅਰ ਕਾਂਗਰਸੀ ਆਗੂ ਜਗਰੂਪ ਸਿੰਘ ਬਿੱਟੂ ਜਲਾਲਗੜ੍ਹ, ਕਾਂਗਰਸੀ ਆਗੂ ਰਸ਼ੀਦ ਮੋਮਨਾਵਾਦ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲਜੀਤ ਸਿੰਘ ਸੰਗਾਲੀ, ਪ੍ਰਧਾਨ ਕੁਲਵਿੰਦਰ ਸਿੰਘ ਝਨੇਰ, ਨੌਜਵਾਨ ਆਗੂ ਰੂਬਲ ਨਾਰੀਕੇ ਆਦਿ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ‘ਆਪ’ ਸਰਕਾਰ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਹੋਏ ਕਾਰਜਾਂ ’ਤੇ ਕਰ ਰਹੀ ਰਾਜਨੀਤੀ - ਹਰਪਾਲ ਸੋਨੂੰ ਅਗਲੀ ਖ਼ਬਰ ਖੇਤੀ ਸੈਕਟਰ ਲਈ ਬਿਜਲੀ ਦੇ ਨਾਕਸ ਪ੍ਰਬੰਧਾਂ ਲਈ ਮੰਗ-ਪੱਤਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।