30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮਸਤੂਆਣਾ ਸਾਹਿਬ ਅਤੇ ਆਲੇ-ਦੁਆਲੇ ਦੇ ਪਿੰਡਾਂ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ

ਮਸਤੂਆਣਾ ਸਾਹਿਬ, 29 ਅਗਸਤ (ਦਮਦਮੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਰੰਭਿਆ ਗਿਆ ‘ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਹੁੰਚਿਆ। ਮਾਰਚ ਦੇ ਪਹੁੰਚਣ ’ਤੇ ਮਸਤੂਆਣਾ ਸਾਹਿਬ ਸਮੇਤ ਆਲੇ-ਦੁਆਲੇ ਦੇ ਦਰਜਨਾਂ ਪਿੰਡਾਂ ਦੀਆਂ ਸੰਗਤਾਂ ਅਤੇ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਬੇਹੱਦ ਸ਼ਰਧਾ ਅਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ।

ਅਜੀਤ ਡੈਸਕ 30-08-2026
ਮਸਤੂਆਣਾ ਸਾਹਿਬ, 29 ਅਗਸਤ (ਦਮਦਮੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਰੰਭਿਆ ਗਿਆ ‘ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਹੁੰਚਿਆ। ਮਾਰਚ ਦੇ ਪਹੁੰਚਣ ’ਤੇ ਮਸਤੂਆਣਾ ਸਾਹਿਬ ਸਮੇਤ ਆਲੇ-ਦੁਆਲੇ ਦੇ ਦਰਜਨਾਂ ਪਿੰਡਾਂ ਦੀਆਂ ਸੰਗਤਾਂ ਅਤੇ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਬੇਹੱਦ ਸ਼ਰਧਾ ਅਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ। ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ ਅਤੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ਵਿੱਚ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ ਵੱਖ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਰੁਮਾਲੇ ਵੀ ਭੇਟ ਕੀਤੇ ਗਏ। ਇਸ ਮੌਕੇ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ, ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ, ਗੁਰਦੁਆਰਾ ਮਾਤਾ ਭੋਲੀ ਜੀ ਦੇ ਪ੍ਰਬੰਧਕਾਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਾਹਿਬਾਨ, ਮੈਨੇਜਰ ਸਾਹਿਬਾਨ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰੋਪਾਓ ਭੇਟ ਕਰਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਕਰਨ ਵਾਲਿਆਂ ਵਿੱਚ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਗੁਰਦੁਆਰਾ ਮਾਤਾ ਭੋਲੀ ਜੀ ਤੋਂ ਬਾਬਾ ਹਰਬੇਅੰਤ ਸਿੰਘ, ਗੁਰਦੁਆਰਾ ਅੰਗੀਠਾ ਸਾਹਿਬ ਤੋਂ ਬਾਬਾ ਦਰਸ਼ਨ ਸਿੰਘ, ਬਾਬਾ ਸੁਖਵਿੰਦਰ ਸਿੰਘ ਸੋਨੀ, ਅਕਾਲੀ ਆਗੂ ਵਿੰਨਰਜੀਤ ਸਿੰਘ ਗੋਲਡੀ, ਅਕਾਲੀ ਆਗੂ ਇਕਬਾਲਜੀਤ ਸਿੰਘ ਪੂਨੀਆ, ਤੇਜਿੰਦਰ ਸਿੰਘ ਸੰਘਰੇੜੀ, ਜਥੇਦਾਰ ਮਲਕੀਤ ਸਿੰਘ ਚੰਗਾਲ, ਜਥੇਦਾਰ ਦਰਸ਼ਨ ਸਿੰਘ ਕਾਂਝਲਾ, ਗਿਆਨੀ ਪਿਆਰਾ ਸਿੰਘ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਡਾ ਗੁਰਵੀਰ ਸਿੰਘ, ਡਾ ਜਤਿੰਦਰ ਦੇਵ, ਮੈਨੇਜਰ ਜਸਵੀਰ ਸਿੰਘ, ਮੈਨੇਜਰ ਹਰਬੰਸ ਸਿੰਘ ਚੀਮਾ, ਮੈਨੇਜਰ ਮਲਕੀਤ ਸਿੰਘ ਢਿੱਲੋਂ, ਬਾਬਾ ਗੁਰਮੇਲ ਸਿੰਘ ਭੈਣੀ, ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ, ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜਿ਼ਲ੍ਹਾ ਪ੍ਰੀਸ਼ਦ, ਸਰਪੰਚ ਸਤਿਗੁਰ ਸਿੰਘ ਕਾਂਝਲਾ, ਪ੍ਰੋ ਅਰੁਣ ਕੁਮਾਰ, ਨੰਬਰਦਾਰ ਜਸਪਾਲ ਸਿੰਘ ਸਮੇਤ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਸਟਾਫ ਅਤੇ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਮੋਹਤਵਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲ ਕਾਲਜ ਕੌਂਸਲ, ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਰਾਜਸੀ ਆਗੂਆਂ ਅਤੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਸਿੱਖ ਸੰਸਥਾਵਾਂ ਅਤੇ ਸਿੱਖ ਵਿਰਾਸਤ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੌਮ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਸੋਚ ਨੂੰ ਪਛਾਣਨ ਅਤੇ ਇਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦਾ ਮੁੱਖ ਮਕਸਦ ਸਿੱਖ ਸੰਗਤ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖ ਸਿਧਾਂਤਾਂ, ਗੁਰਬਾਣੀ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਅਤੇ ਮੂਲ ਨਾਲੋਂ ਤੋੜਨ ਦਾ ਯਤਨ ਕਰ ਰਹੀਆਂ ਹਨ, ਜਿਸ ਪ੍ਰਤੀ ਸਮੁੱਚੀ ਸਿੱਖ ਕੌਮ ਨੂੰ ਸੁਚੇਤ ਹੋਣ ਦੀ ਲੋੜ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਦੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ ਅਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਅਤੇ ਆਪਣੇ ਮਹਾਨ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਮੁੱਚੀਆਂ ਧਾਰਮਿਕ, ਸਮਾਜਿਕ ਅਤੇ ਭਾਈਚਾਰਕ ਸੰਸਥਾਵਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨੇ ਚਾਹੀਦੇ ਹਨ। ਮਾਰਚ ਦੇ ਸਵਾਗਤ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਵੱਲੋਂ ਫਲ-ਫਰੂਟ, ਠੰਢੇ ਮਿੱਠੇ ਜਲ ਅਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ‘ਮੀਰੀ-ਪੀਰੀ ਖ਼ਾਲਸਾ ਮਾਰਚ’ ਪ੍ਰਤੀ ਸੰਗਤਾਂ ਦਾ ਉਤਸ਼ਾਹ ਅਤੇ ਸ਼ਰਧਾ ਇਸ ਗੱਲ ਦਾ ਪ੍ਰਤੀਕ ਬਣੀ ਕਿ ਸਿੱਖ ਸੰਗਤ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਸਿੱਖ ਸੰਸਥਾਵਾਂ ਅਤੇ ਪੰਥਕ ਵਿਰਸੇ ਨਾਲ ਡੂੰਘੀ ਸਾਂਝ ਰੱਖਦੀ ਹੈ।
ਪਿਛਲੀ ਖ਼ਬਰ ਸੁਨਾਮ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਹ ਭਰਪੂਰ ਰੈਲੀ ਅਗਲੀ ਖ਼ਬਰ ਰੋਬੋਟਿਕ ਟੈਕਨੀਕ ਰਾਹੀਂ ਗੋਡੇ ਬਦਲਣ ਲਈ ਡਾ. ਪਾਸੀ ਮਰੀਜ਼ਾਂ ਲਈ ਬਣੇ ਵਿਸ਼ਵਾਸ ਪਾਤਰ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।