ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਭਿਆਨਕ ਸੜਕ ਹਾਦਸਾ
ਮਹਿਲ ਕਲਾਂ, 1 ਨਵੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਪਿੰਡ ਗੰਗੋਹਰ ਦੇ ਬੱਸ ਸਟੈਂਡ ਨਜ਼ਦੀਕ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 4 ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ ਦੁਪਹਿਰ ਕਰੀਬ 3 ਵਜੇ ਦੀ ਹੈ।
ਮਹਿਲ ਕਲਾਂ, 1 ਨਵੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਪਿੰਡ ਗੰਗੋਹਰ ਦੇ ਬੱਸ ਸਟੈਂਡ ਨਜ਼ਦੀਕ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 4 ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ ਦੁਪਹਿਰ ਕਰੀਬ 3 ਵਜੇ ਦੀ ਹੈ। ਲੁਧਿਆਣਾ ਤੋਂ ਬਰਨਾਲਾ ਵੱਲ ਜਾ ਰਹੀ ਇੱਕ ਲੀਵਾ ਕਾਰ ਦੇ ਚਾਲਕ ਗਗਨਦੀਪ ਸਿੰਘ ਨੇ ਪਿੰਡ ਗੰਗੋਹਰ ਦਾ ਬੱਸ ਸਟੈਂਡ ਪਾਰ ਕਰਨ ਉਪਰੰਤ ਕਿਸੇ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਦੀ ਤੇਜ਼ ਰਫ਼ਤਾਰ ਗੱਡੀ ਪਹਿਲਾਂ ਸੜਕ ਦੇ ਸੱਜੇ ਪਾਸੇ ਖੜ੍ਹੀ ਇੱਕ ਹੋਰ ਕਾਰ ਨਾਲ ਟਕਰਾਈ ਅਤੇ ਫਿਰ ਬੇਕਾਬੂ ਹੋ ਕੇ ਸਾਹਮਣੇ (ਬਰਨਾਲਾ ਸਾਈਡ) ਤੋਂ ਆ ਰਹੀ ਐਮ.ਐੱਚ.ਟੀ ਕੰਪਨੀ ਦੀ ਬੱਸ ਨਾਲ ਜਾ ਟਕਰਾਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਵਾਸੀ ਫ਼ਤਿਹਾਬਾਦ (ਹਰਿਆਣਾ) ਵਜੋਂ ਹੋਈ ਹੈ, ਜਿਸ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿਚ ਬੱਸ ਵਿਚ ਸਵਾਰ 4 ਸਵਾਰੀਆਂ ਵੀ ਜ਼ਖ਼ਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਤੋਂ ਤੁਰੰਤ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਹਿਲ ਕਲਾਂ ਦੀ ਐਸ.ਐੱਚ.ਓ1 ਕਮਲਜੀਤ ਕੌਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈਣ ਉਪਰੰਤ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਫ਼ਰਾਰ ਡਰਾਈਵਰ ਦੀ ਭਾਲ ਸਮੇਤ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।