ਫ਼ਿਰੋਜ਼ਪੁਰ, 13 ਫਰਵਰੀ (ਰਾਕੇਸ਼ ਚਾਵਲਾ)-ਅਣਸੁਖਾਂਵੀ ਘਟਨਾਵਾਂ ਤੋਂ ਬਚਾਅ ਲਈ ਫ਼ਿਰੋਜ਼ਪੁਰ ਪੁਲਿਸ ਵਲੋਂ ਜੀ. ਆਰ. ਪੀ. ਤੇ ਆਰ. ਪੀ. ਐੱਫ. ਦੀਆਂ ਟੀਮਾਂ ਨਾਲ ਮਿਲ ਕੇ ਜ਼ਿਲ੍ਹੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ, ਜਿਸ ਦੌਰਾਨ ਰੇਲਵੇ ਸਟੇਸ਼ਨ 'ਤੇ ਆਉਣ ਤੇ ਜਾਣ ਵਾਲੇ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਹਾਜ਼ਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਐੱਸ. ਐੱਸ. ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ ਹੇਠ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਵਿਸ਼ੇਸ਼ ਪੁਲਿਸ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਲੋਂ ਲਗਾਤਾਰ ਸ਼ਹਿਰ ਅੰਦਰ ਜਿਥੇ ਪੈਟਰੋਲਿੰਗ ਕੀਤੀ ਜਾਂਦੀ ਹੈ, ਉਥੇ ਰੇਲਵੇ ਸਟੇਸ਼ਨਾਂ 'ਤੇ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਛਾਉਣੀ ਦੇ ਮੁੱਖ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ ਤਾਂ ਕਿ ਕੋਈ ਸ਼ਰਾਰਤੀ ਅਨਸਰ ਕਿਸੇ ਘਟਨਾ ਨੂੰ ਅੰਜਾਮ ਨਾ ਦੇ ਸਕੇ | ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਵਿਸ਼ੇਸ਼ ਅਭਿਆਨ ਤਹਿਤ ਪੁਲਿਸ ਪਾਰਟੀਆਂ ਵਲੋਂ ਰੇਲਵੇ ਸਟੇਸ਼ਨਾਂ ਤੇ ਚੈਕਿੰਗ ਅਭਿਆਨ ਦੌਰਾਨ ਖ਼ਾਸ ਤੌਰ 'ਤੇ ਯਾਤਰੀਆਂ ਦੇ ਬੈਗ ਵੀ ਚੈੱਕ ਕੀਤੇ ਗਏ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਮਾਹੌਲ ਨੂੰ ਸੁਧਾਰਨ ਲਈ ਪੁਲਿਸ ਦਾ ਸਾਥ ਦੇਣ ਤੇ ਨਸ਼ਾ ਮੁਕਤ ਬਣਾਉਣ ਲਈ ਗੁਪਤ ਸੂਚਨਾ ਦੇਣ ਤਾਂ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਕੇ ਸਲਾਖ਼ਾਂ ਦੇ ਪਿੱਛੇ ਸੁੱਟਿਆ ਜਾ ਸਕੇ | ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਹਾਜ਼ਰ ਸਨ |