ਫ਼ਿਰੋਜ਼ਪੁਰ, 13 ਫ਼ਰਵਰੀ (ਰਾਕੇਸ਼ ਚਾਵਲਾ)-ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਦੁਲਚੀ ਕੇ ਰੋਡ ਵਿਖੇ ਲੇਇੰਗ ਆਫ਼ ਆਰ. ਐੱਮ. ਸੀ. ਦੇ ਚੱਲ ਰਹੇ ਕੰਮ ਦਾ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਫ਼ਿਰੋਜ਼ਪੁਰ ਸ਼ਹਿਰ ਦੀ ਸਰਕੁਲਰ ਰੋਡ ਦੇ ਕੰਮ ਦੀ ਵੀ ਜਾਂਚ ਕੀਤੀ ਗਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਕੰਮ ਨਿਯਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ | ਵਿਧਾਇਕ ਭੁੱਲਰ ਨੇ ਕਿਹਾ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਮਜ਼ਬੂਤੀ ਤੇ ਸੁਧਾਰ ਨਾਲ ਆਵਾਜਾਈ ਸੁਗਮ ਹੋਵੇਗੀ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਦੀ ਆਵਾਜਾਈ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਪੂਰੇ ਫ਼ਿਰੋਜ਼ਪੁਰ ਵਾਸੀਆਂ ਲਈ ਲਾਭਕਾਰੀ ਸਾਬਤ ਹੋਣਗੇ ਅਤੇ ਸ਼ਹਿਰ ਦੀ ਸੁੰਦਰਤਾ ਤੇ ਢਾਂਚਾਗਤ ਵਿਕਾਸ ਵਿਚ ਯੋਗਦਾਨ ਪਾਉਣਗੇ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੌਰਾਨ ਟ੍ਰੈਫ਼ਿਕ ਪ੍ਰਬੰਧ ਸੁਚੱਜੇ ਢੰਗ ਨਾਲ ਬਣਾਈ ਰੱਖਿਆ ਜਾਵੇ ਤਾਂ ਜੋ ਲੋਕਾਂ ਨੂੰ ਅਸੁਵਿਧਾ ਨਾ ਹੋਵੇ |