ਜ਼ੀਰਾ, 13 ਫਰਵਰੀ (ਰਜਨੀਸ਼ ਕਥੂਰੀਆ)-ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਸੀ.ਬੀ.ਐੱਸ.ਈ ਵਲੋਂ ਲਈ ਜਾ ਰਹੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਇਤਿਹਾਸਿਕ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਖੋਸਾ ਕੋਟਲਾ ਵਿਖੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ | ਇਸ ਦੌਰਾਨ ਵਿਦਿਆਰਥੀਆਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ | ਇਸ ਉਪਰੰਤ ਗ੍ਰੰਥੀ ਸਿੰਘ ਵਲੋਂ ਜਪੁ ਜੀ ਸਾਹਿਬ ਦੇ ਪਾਠ ਕਰਨ ਉਪਰੰਤ ਬਾਬਾ ਅਜੀਤ ਸਿੰਘ ਵਲੋਂ ਅਰਦਾਸ ਬੇਨਤੀ ਕੀਤੀ ਗਈ | ਵਿਦਿਆਰਥੀਆਂ ਦੇ ਆਉਣ ਵਾਲੇ ਇਮਤਿਹਾਨਾਂ ਸਬੰਧੀ, ਚੰਗੇ ਭਵਿੱਖ ਸਬੰਧੀ ਅਤੇ ਸਰਬੱਤ ਦੇ ਭਲੇ ਲਈ ਕਾਮਨਾ ਕੀਤੀ | ਇਸ ਮੌਕੇ 'ਤੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ,ਐਮ.ਡੀ. ਮੈਡਮ ਰਣਜੀਤ ਕੌਰ ਸੰਧੂ, ਪਿ੍ੰਸੀਪਲ ਰਮਨਜੀਤ ਕੌਰ ਅਤੇ ਪਿ੍ੰਸੀਪਲ ਸੋਨੀਆ ਸ਼ਰਮਾ ਨੇ ਬੱਚਿਆਂ ਨੂੰ ਉਨ੍ਹਾਂ ਦੀਆਂ ਪ੍ਰੀਖਿਆਵਾਂ ਸਬੰਧੀ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸਨ |