ਫ਼ਿਰੋਜ਼ਪੁਰ, 17 ਫਰਵਰੀ (ਸੁਖਵਿੰਦਰ ਸਿੰਘ)-ਪੰਜਾਬ ਵਿਚ (ਗੈਰ ਰਾਜਨੀਤਕ) ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਵਪਾਰੀਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਗਟ ਕੀਤਾ | ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਟਰੇਡ ਸਮਝੌਤਾ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਵਪਾਰੀਆਂ ਲਈ ਘਾਤਕ ਸਾਬਤ ਹੋਵੇਗਾ | ਜਸਬੀਰ ਸਿੰਘ ਢੋਲੇਵਾਲਾ ਸੂਬਾ ਮੀਤ ਪ੍ਰਧਾਨ ਬੀ. ਕੇ. ਯੂ. ਖੋਸਾ ਨੇ ਕਿਹਾ ਕਿ ਪਹਿਲਾਂ ਵੀ ਕੇਂਦਰ ਸਰਕਾਰ ਵਲੋਂ ਕੀਤੇ ਗਏ ਸਮਝੌਤਿਆਂ ਦੇ ਖ਼ਿਲਾਫ਼ ਸੰਘਰਸ਼ ਕਰਕੇ ਉਨ੍ਹਾਂ ਨੂੰ ਵਾਪਸ ਕਰਵਾਇਆ ਗਿਆ ਸੀ ਅਤੇ ਹੁਣ ਵੀ ਇਹ ਸਮਝੌਤਾ ਕਿਸਾਨ ਵਿਰੋਧੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਨਾਲ ਖੇਤੀਬਾੜੀ ਸੈਕਟਰ ਨੂੰ ਭਾਰੀ ਨੁਕਸਾਨ ਹੋਵੇਗਾ ਤੇ ਸਸਤੇ ਆਯਾਤ ਕਾਰਨ ਦੇਸੀ ਉਤਪਾਦਕ ਪ੍ਰਭਾਵਿਤ ਹੋਣਗੇ | ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਡੀ. ਸੀ. ਦਫ਼ਤਰਾਂ ਅੱਗੇ ਪੁਤਲੇ ਸਾੜੇ ਗਏ | ਕਿਸਾਨ ਆਗੂਆਂ ਨੇ ਟਰੰਪ, ਨਰਿੰਦਰ ਮੋਦੀ ਤੇ ਭਗਵੰਤ ਮਾਨ ਦੇ ਪੁਤਲੇ ਸਾੜ ਕੇ ਆਪਣਾ ਗ਼ੁੱਸਾ ਜ਼ਾਹਿਰ ਕੀਤਾ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਸਲੇ 'ਤੇ ਚੁੱਪੀ ਸਾਧੀ ਹੋਈ ਹੈ ਅਤੇ ਅਜੇ ਤੱਕ ਕਿਸੇ ਵੀ ਮੰਤਰੀ ਜਾਂ ਵਿਧਾਇਕ ਵਲੋਂ ਖੁੱਲ੍ਹ ਕੇ ਵਿਰੋਧ ਨਹੀਂ ਕੀਤਾ | ਕਿਸਾਨ ਮੋਰਚੇ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਸਮਝੌਤਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਸਾਰੀਆਂ ਭਾਰਤੀ ਜਥੇਬੰਦੀਆਂ ਨਾਲ ਬੈਠਕ ਕਰਕੇ ਅਗਲਾ ਰਣਨੀਤਿਕ ਫ਼ੈਸਲਾ ਲਿਆ ਜਾਵੇਗਾ | ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕੀਤੀ ਗਈ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸਾਨਾਂ ਤੇ ਛੋਟੇ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਲਈ ਇਸ ਸਮਝੌਤੇ 'ਤੇ ਦੁਬਾਰਾ ਵਿਚਾਰ ਕੀਤਾ ਜਾਵੇ | ਇਸ ਮੌਕੇ ਗੁਰਸੇਵਕ ਸਿੰਘ ਧਾਲੀਵਾਲ ਜਨਰਲ ਸਕੱਤਰ ਮੁਝੈਲ, ਦਲੀਪ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਬੀ. ਕੇ. ਯੂ. ਖੋਸਾ, ਸੁਖਮੰਦਰ ਸਿੰਘ ਜ਼ਿਲ੍ਹਾ ਆਗੂ ਬੀ. ਕੇ. ਯੂ. ਖੋਸਾ, ਦਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮਝੈਲ, ਸੁਖਦੇਵ ਸਿੰਘ ਜ਼ਿਲ੍ਹਾ ਆਗੂ, ਕਿਰਪਾਲ ਸਿੰਘ ਸੂਸ਼ਕ ਸੂਬਾ ਮੀਤ ਪ੍ਰਧਾਨ ਬੀ. ਕੇ. ਯੂ. ਖੋਸਾ, ਜਸਵੰਤ ਸਿੰਘ ਮੀਤ ਬਲਾਕ ਪ੍ਰਧਾਨ ਬੀ. ਕੇ. ਯੂ. ਖੋਸਾ, ਪਰਮਜੀਤ ਸਿੰਘ ਭੁੱਲਰ ਸੂਬਾ ਮੀਤ ਪ੍ਰਧਾਨ ਬੀ. ਕੇ. ਯੂ. ਖੋਸਾ, ਚਰਨਜੀਤ ਸਿੰਘ ਬਲਾਕ ਪ੍ਰਧਾਨ ਫ਼ਿਰੋਜ਼ਪੁਰ ਬੀ. ਕੇ. ਯੂ. ਖੋਸਾ, ਗਗਨਦੀਪ ਸਿੰਘ ਜ਼ਿਲ੍ਹਾ ਆਗੂ ਬੀ. ਕੇ. ਯੂ. ਖੋਸਾ, ਜੀਵਨ ਸਿੰਘ ਸੋਢੀ ਖ਼ਜ਼ਾਨਚੀ ਪੰਜਾਬ, ਗੁਰਭੇਜ ਸਿੰਘ ਚੱਠਾ, ਰਣਜੀਤ ਸਿੰਘ, ਗੁਰਮੁਖ ਸਿੰਘ ਆਦਿ ਹਾਜ਼ਰ ਸਨ |