ਫ਼ਿਰੋਜ਼ਪੁਰ, 17 ਫ਼ਰਵਰੀ (ਰਾਕੇਸ਼ ਚਾਵਲਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ | ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ | ਇਸ ਯੋਜਨਾ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ | ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫ਼ਿਰੋਜ਼ਪੁਰ ਸ਼ਹਿਰ ਦੇ ਵਾਰਡ ਨੰਬਰ 5 ਵਿਚ ਪਹੁੰਚ ਕੇ ਬਣ ਰਹੇ ਕਾਰਡਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ | ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਿਹਤ ਬੀਮਾ ਕਾਰਡ ਪੰਜਾਬ ਦੇ ਹਰ ਵਾਸੀ ਲਈ ਲਾਭਕਾਰੀ ਸਾਬਤ ਹੋਵੇਗਾ | ਇਸ ਕਾਰਡ ਰਾਹੀਂ ਸਰਕਾਰੀ ਹੀ ਨਹੀਂ ਸਗੋਂ ਨਿੱਜੀ ਹਸਪਤਾਲਾਂ 'ਚ ਵੀ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ | ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਵਿਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ, ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਗੇ |