ਮੱਖੂ, 28 ਫਰਵਰੀ (ਵਰਿੰਦਰ ਮਨਚੰਦਾ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੇ ਅਹੁਦੇ ਸਿੱਖ ਕੌਮ ਲਈ ਸਰਬਉੱਚ ਤੇ ਸਤਿਕਾਰਯੋਗ ਹਨ, ਜਿਸ ਤੋਂ ਗਿਆਨੀ ਰਘਬੀਰ ਸਿੰਘ ਵਰਗੀ ਸਤਿਕਾਰਤ ਸ਼ਖ਼ਸੀਅਤ ਨੂੰ ਰਾਜਨੀਤਿਕ ਦਬਾਅ ਹੇਠ ਅਹੁਦੇ ਤੋਂ ਲਾਂਭੇ ਕਰਨਾ ਸਿੱਖ ਰਵਾਇਤਾਂ ਤੇ ਮਰਿਯਾਦਾ ਦਾ ਸਿੱਧਾ ਅਪਮਾਨ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਕਾਬਜ਼ ਕੁੱਝ ਸਿਆਸੀ ਧਿਰਾਂ ਆਪਣੀ ਮਰਜ਼ੀ ਅਨੁਸਾਰ ਫ਼ੈਸਲੇ ਲੈ ਰਹੀਆਂ ਹਨ, ਜੋ ਕਿ ਬਹੁਤ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਧਾਰਮਿਕ ਅਹੁਦਿਆਂ ਨੂੰ ਸਿਆਸੀ ਲਾਹੇ ਲਈ ਵਰਤਿਆ ਜਾ ਰਿਹਾ ਹੈ, ਜਿਸ ਤਹਿਤ ਯੋਗ ਤੇ ਪੰਥਕ ਭਾਵਨਾ ਰੱਖਣ ਵਾਲੇ ਵਿਅਕਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਅਜਿਹੀਆਂ ਮਨਮਾਨੀਆਂ ਨਾ ਰੁਕੀਆਂ ਤਾਂ ਸਿੱਖ ਸੰਗਤ 'ਚ ਭਾਰੀ ਰੋਸ ਪੈਦਾ ਹੋਵੇਗਾ | ਕਰਨੈਲ ਪੀਰ ਮੁਹੰਮਦ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਹਮੇਸ਼ਾ ਪੰਥਕ ਹਿਤਾਂ ਦੀ ਗੱਲ ਕੀਤੀ ਹੈ ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਕੌਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ | ਦੇਸ਼-ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ ਤੇ ਸੰਗਤ ਨੂੰ ਅਪੀਲ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਉਹ ਸਿੱਖ ਸੰਸਥਾਵਾਂ ਦੀ ਸੁਤੰਤਰਤਾ ਬਹਾਲ ਕਰਨ ਲਈ ਇਕਜੁੱਟ ਹੋਣ |