ਫਿਰੋਜ਼ਪੁਰ, 30 ਮਾਰਚ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਐਸ.ਸੀ. ਭਾਈਚਾਰੇ ਵਲੋਂ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਇੰਚਾਰਜ ਸੁਖਪਾਲ ਸਿੰਘ ਨੰਨੂ ਦੇ ਗ੍ਰਹਿ ਵਿਖੇ ਇਕ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੀਟਿੰਗ ਵਿਚ ਫਿਰੋਜ਼ਪੁਰ ਸ਼ਹਿਰ ਦੇ ਵੱਡੀ ਗਿਣਤੀ ਵਿਚ ਵਰਕਰ ਸਾਹਿਬਾਨ ਅਤੇ ਪਾਰਟੀ ਦੇ ਸਹਿਯੋਗੀ ਸ਼ਾਮਿਲ ਹੋਏ | ਮੀਟਿੰਗ ਦੌਰਾਨ ਐੱਸ.ਸੀ. ਭਾਈਚਾਰੇ ਦੇ ਮੈਂਬਰਾਂ ਵਲੋਂ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵੱਖ-ਵੱਖ ਸੁਝਾਅ ਅਤੇ ਵਿਚਾਰ ਪੇਸ਼ ਕੀਤੇ ਗਏ | ਹਾਜ਼ਰ ਵਰਕਰਾਂ ਨੇ ਪਾਰਟੀ ਦੇ ਭਵਿੱਖੀ ਰਣਨੀਤੀਆਂ, ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਨੂੰ ਵਧੇਰੇ ਜੋੜਨ ਉੱਤੇ ਖੁੱਲ੍ਹ ਕੇ ਚਰਚਾ ਕੀਤੀ | ਇਸ ਮੌਕੇ ਸੁਖਪਾਲ ਸਿੰਘ ਨੰਨੂ ਨੇ ਮੀਟਿੰਗ ਵਿਚ ਪਹੁੰਚੇ ਸਾਰੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਵਰਕਰ ਹੀ ਅਸਲ ਤਾਕਤ ਹਨ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਰਹੀ ਹੈ ਅਤੇ ਭਵਿੱਖ ਵਿਚ ਵੀ ਇਹ ਰਵਾਇਤ ਜਾਰੀ ਰਹੇਗੀ | ਸ. ਨੰਨੂ ਨੇ ਖ਼ਾਸ ਤੌਰ 'ਤੇ ਨੌਜਵਾਨਾਂ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪਾਰਟੀ ਵਿਚ ਮਿਹਨਤ ਕਰਨ ਵਾਲੇ ਹਰ ਨੌਜਵਾਨ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਕਾਬਲੀਅਤ ਅਨੁਸਾਰ ਜ਼ਿੰਮੇਵਾਰੀਆਂ ਵੀ ਸੌਂਪੀਆਂ ਜਾਣਗੀਆਂ | ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ | ਮੀਟਿੰਗ ਵਿਚ ਸ਼ਾਮਿਲ ਮਨੋਹਰ, ਭਾਰਤ, ਸੁਰਿੰਦਰ, ਦੇਸ ਰਾਜ, ਪਰਮਜੀਤ ਪੰਮਾ, ਰੇਸ਼ਮ ਖਲਚੀਆਂ, ਪੱਪਾ ਖੋਖਰ, ਜਗਦੇਵ ਨਿਹਾਲਾ ਲਵੇਰਾ, ਬਲਕਾਰ ਸਿੰਘ ਢਿੱਲੋਂ, ਅੰਗਰੇਜ਼ ਸਿੰਘ ਕੋਟੀਆ, ਰਾਜੇਸ਼ ਖੁਰਾਣਾ, ਲਾਡੀ ਰਾਜਪੂਤ ਗੁਰਪ੍ਰਵੇਸ਼ ਉੱਪਲ, ਕੁਲਵਿੰਦਰ ਸਿੰਘ ਗੋਲੇਵਾਲਾ ਆਦਿ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ ਇੱਕਜੁੱਟਤਾ ਲਈ ਵਚਨਬੱਧਤਾ ਪ੍ਰਗਟਾਈ |