ਫ਼ਿਰੋਜ਼ਪੁਰ, 29 ਅਪ੍ਰੈਲ(ਕੁਲਬੀਰ ਸਿੰਘ ਸੋਢੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ ਵਲੋਂ ਬੀਤੇ ਦਿਨ ਕਿ੍ਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਫ਼ਿਰੋਜ਼ਪੁਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ ਟਰੇਨਿੰਗ, ਕੇ.ਵੀ.ਕੇ. ਫ਼ਿਰੋਜ਼ਪੁਰ ਨੇ ਡਾ. ਢਿੱਲੋਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਖੇਤੀ ਦੀ ਸਥਿਤੀ ਅਤੇ ਇਸ ਸਬੰਧੀ ਮੁਸ਼ਕਲਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਨੇ ਕੇ.ਵੀ.ਕੇ. ਫ਼ਿਰੋਜ਼ਪੁਰ ਵਲੋਂ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਆਰੀ ਬੀਜ ਅਤੇ ਹੋਰ ਤਕਨੀਕੀ ਸਹੂਲਤਾਂ ਬਾਰੇ ਵੀ ਚਾਨਣਾ ਪਾਇਆ | ਡਾ.ਢਿੱਲੋਂ ਨੇ ਕੇਂਦਰ ਵਿਚ ਸਥਿਤ ਤਕਨੀਕੀ ਪਾਰਕ, ਪ੍ਰਦਰਸ਼ਨੀ ਯੂਨਿਟਾਂ ਅਤੇ ਬੀਜ ਉਤਪਾਦਨ, ਗਰੇਡਿੰਗ 'ਤੇ ਪੈਕਿੰਗ ਦੇ ਕੰਮਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਕੇਂਦਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਕੇ.ਵੀ.ਕੇ. ਵਿਖੇ ਪਹੁੰਚੇ ਕਿਸਾਨਾਂ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕੀਤੀ ਅਤੇ ਪੀ.ਏ.ਯੂ ਵਲੋਂ ਸਿਫ਼ਾਰਸ਼ ਕੀਤੀਆਂ ਝੋਨੇ ਅਤੇ ਬਾਸਮਤੀ ਦੀਆਂ ਉੱਨਤ ਕਿਸਮਾਂ ਅਤੇ ਉਨ੍ਹਾਂ ਦੇ ਝਾੜ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ | ਡਾ. ਢਿੱਲੋਂ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਕਰਵਾਉਣ ਅਤੇ ਹਮੇਸ਼ਾ ਮਿੱਟੀ ਪਰਖ ਰਿਪੋਰਟ ਦੇ ਆਧਾਰ 'ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ | ਉਨ੍ਹਾਂ ਖਾਦਾਂ ਦੀ ਸੰਤੁਲਿਤ ਵਰਤੋਂ ਦੇ ਫ਼ਾਇਦਿਆਂ ਬਾਰੇ ਦੱਸਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ਼ ਫ਼ਸਲ ਦੀ ਗੁਣਵੱਤਾ ਵਿਚ ਸੁਧਾਰ ਹੁੰਦਾ ਹੈ, ਬਲਕਿ ਇਹ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਅਤੇ ਬੇਲੋੜੇ ਖ਼ਰਚਿਆਂ ਨੂੰ ਘਟਾਉਣ ਵਿਚ ਵੀ ਸਹਾਈ ਹੁੰਦੀ ਹੈ | ਇਸ ਉਪਰੰਤ ਉਨ੍ਹਾਂ ਨੇ ਇਲਾਕੇ ਦੇ ਵੱਖ-ਵੱਖ ਮਿਰਚ ਉਤਪਾਦਕ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ, ਜਿੱਥੇ ਕਿਸਾਨਾਂ ਨੇ ਮਿਰਚਾਂ ਦੀ ਪੈਦਾਵਾਰ ਅਤੇ ਮੰਡੀਕਰਨ ਵਿਚ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ | ਡਾ. ਗੁਰਮੇਲ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਕੀਟਨਾਸ਼ਕਾਂ ਦੀ ਸੁਚੱਜੀ ਤੇ ਲੋੜ ਅਨੁਸਾਰ ਵਰਤੋਂ ਕਰਕੇ ਖੇਤੀ ਲਾਗਤ ਖ਼ਰਚੇ ਘਟਾਉਣ ਬਾਰੇ ਜਾਣਕਾਰੀ ਦਿੱਤੀ | ਡਾ. ਢਿੱਲੋਂ ਨੇ ਵਧੇਰੇ ਮੁਨਾਫ਼ਾ ਕਮਾਉਣ ਲਈ ਪ੍ਰਭਾਵਸ਼ਾਲੀ ਮੰਡੀਕਰਨ ਦੀਆਂ ਬਾਰੀਕੀਆਂ ਬਾਰੇ ਦੱਸਿਆ ਅਤੇ ਜ਼ੋਰ ਦਿੱਤਾ ਕਿ ਖੇਤੀਬਾੜੀ ਵਿਚ ਤਕਨੀਕੀ ਸੂਝ-ਬੂਝ ਅਪਣਾ ਕੇ ਹੀ ਆਰਥਿਕ ਸਥਿਤੀ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ |