ਗੁਰੂਹਰਸਹਾਏ/ਗੋਲੂ ਕਾ ਮੋੜ, 29 ਅਪ੍ਰੈਲ (ਹਰਚਰਨ ਸਿੰਘ ਸੰਧੂ/ ਸੁਰਿੰਦਰ ਸਿੰਘ ਪੁਪਨੇਜਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਅਜੋਕੇ ਦਿਨਾਂ ਵਿਚ ਤਾਪਮਾਨ 'ਚ ਹੋਏ ਵਾਧੇ ਨੂੰ ਲੈ ਕੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ | ਸਿਵਲ ਸਰਜਨ ਡਾ.ਮੀਨਾਕਸ਼ੀ ਢੀਂਗਰਾ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਗੁਰੂਹਰਸਹਾਏ ਡਾ.ਕਰਨਵੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ.ਗੁਰਪ੍ਰੀਤ ਕੰਬੋਜ ਮੈਡੀਕਲ ਅਫਸਰ ਦੀ ਰਹਿਨੁਮਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਡਾ.ਗੁਰਪ੍ਰੀਤ ਕੰਬੋਜ ਨੇ ਦੱਸਿਆ ਕਿ ਹੀਟ ਸਟੋ੍ਰਕ ਦੇ ਨਾਲ ਫੂਡ ਪਾਇਜ਼ਨਿੰਗ ਦੀ ਸਮੱਸਿਆ ਬਹੁਤ ਜ਼ਿਆਦਾ ਹੁੰਦੀ ਹੈ | ਇਸ ਲਈ ਸਾਨੂੰ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲੇ੍ਹ ਭੋਜਨ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ | ਅਜਿਹੇ ਫਲ ਅਤੇ ਸਬਜ਼ੀਆਂ ਨੂੰ ਭੋਜਨ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ, ਜਿਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ | ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ, ਜਿਵੇਂ ਕਿ ਸਵੇਰ ਅਤੇ ਸ਼ਾਮ ਵਿਚ ਕੀਤੇ ਜਾਣੇ ਚਾਹੀਦੇ ਹਨ | ਪਿਆਸ ਨਾ ਲੱਗਣ 'ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਯਕੀਨੀ ਬਣਾਉਣਾ ਚਾਹੀਦਾ ਹੈ | ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖ਼ੁਰਾਕ 'ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ | ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਾਓ | ਕੋਸ਼ਿਸ਼ ਕਰੋ ਕੀ ਗਰਮੀਆਂ ਵਿਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ | ਇਸ ਮੌਕੇ ਬਿੱਕੀ ਕੌਰ ਬੀ.ਈ.ਈ, ਅਜੈ ਕੁਮਾਰ, ਰਾਜ ਕੁਮਾਰ, ਅਵਿਨਾਸ ਰਾਣੀ ਆਸ਼ਾ ਰਾਣੀ ਆਦਿ ਸਟਾਫ ਹਾਜ਼ਰ ਸਨ |